ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 21 ਸਤੰਬਰ
ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਹਵਾਈ ਅੱਡੇ ਤੋਂ ਦਿੱਲੀ ਪੁੱਜ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਉਹ ਪਾਰਟੀ ਹਾਈ ਕਮਾਨ ਨਾਲ ਮੁਲਾਕਾਤ ਕਰ ਕੇ ਮੰਤਰੀ ਮੰਡਲ ਵਿਸਥਾਰ ਸਮੇਤ ਹੋਰ ਮਾਮਲਿਆਂ ‘ਤੇ ਚਰਚਾ ਕਰਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਨ੍ਹਾਂ ਨਾਲ ਹਨ। ਸੂਤਰਾਂ ਮੁਤਾਬਕ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ, ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ‘ਤੇ ਦਿੱਲੀ ਦੀ ਮੀਟਿੰਗ ਵਿੱਚ ਵਿਚਾਰ ਕੀਤਾ ਜਾਵੇਗਾ। ਅਜਿਹੇ ਸੰਕੇਤ ਮਿਲੇ ਹਨ ਕਿ ਕੈਪਟਨ ਨਾਲ ਸੱਤਾ ਸੰਘਰਸ਼ ਵਿੱਚ ਸਿੱਧੂ ਦੇ ਨਾਲ ਖੜ੍ਹੇ ਨੇਤਾਵਾਂ ਨੂੰ ਮੰਤਰੀ ਮੰਡਲ ਵਿੱਚ ਜਗ੍ਹਾ ਮਿਲ ਸਕਦੀ ਹੈ। ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ਵਾਲਿਆਂ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ, ਮਦਨ ਲਾਲ ਜਲਾਲਪੁਰ, ਇੰਦਰਬੀਰ ਸਿੰਘ ਬੁਲਾਰੀਆ, ਗੁਰਕੀਰਤ ਸਿੰਘ ਕੋਟਲੀ, ਪ੍ਰਗਟ ਸਿੰਘ ਅਤੇ ਸੰਗਤ ਸਿੰਘ ਗਿਲਜੀਆਂ ਦੇ ਨਾਂ ਚਰਚਾ ਵਿੱਚ ਹਨ। ਪ੍ਰਗਟ ਸਿੰਘ ਸਿੱਧੂ ਦੇ ਕਰੀਬੀ ਹਨ, ਜੋ ਇਸ ਵੇਲੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਹਨ ਅਤੇ ਗਿਲਜੀਆਂ ਪਾਰਟੀ ਦੀ ਸੂਬਾ ਇਕਾਈ ਦੇ ਕਾਰਜਕਾਰੀ ਪ੍ਰਧਾਨ ਹਨ। ਕੈਪਟਨ ਦੇ ਭਰੋਸੇਮੰਦ ਗੁਰਮੀਤ ਸਿੰਘ ਸੋਢੀ ਅਤੇ ਸਾਧੂ ਸਿੰਘ ਧਰਮਸੋਤ ਮੰਤਰੀ ਮੰਡਲ ਵਿੱਚ ਬਰਕਰਾਰ ਰਹਿ ਸਕਦੇ ਹਨ।