ਬੰਗਲੂਰੂ: ਕਰਨਾਟਕ ਹਾਈ ਕੋਰਟ ਵੱਲੋਂ ਹਿਜਾਬ ਵਿਵਾਦ ਸਬੰਧੀ ਪਟੀਸ਼ਨਾਂ ਸੁਣਵਾਈ ਲਈ ਸੂਚੀਬੱਧ ਕਰਨ ਮਗਰੋਂ ਸੂਬੇ ਦੇ ਮੁੱਖ ਮੰਤਰੀ ਬਸਾਵਰਾਜ ਬੋਮਈ ਆਮ ਲੋਕਾਂ ਤੇ ਸਿਆਸਤਦਾਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹਾ ਕੋਈ ਵੀ ਬਿਆਨ ਨਾ ਦੇਣ ਜਿਸ ਨਾਲ ਭੜਕਾਹਟ ਪੈਦਾ ਹੋਵੇ ਅਤੇ ਰਾਜ ’ਚ ਸ਼ਾਂਤੀ ਬਣਾਈ ਰੱਖੀ ਜਾਵੇ। ਬੋਮਈ ਨੇ ਕਿਹਾ, ‘ਵਿੱਦਿਅਕ ਸੰਸਥਾਵਾਂ ’ਚ ਇਕਹਿਰਾ ਡਰੈੱਸ ਕੋਡ ਲਾਗੂ ਕਰਨ ਦਾ ਮਸਲਾ ਹਾਈ ਕੋਰਟ ਦੇ ਤਿੰਨ ਮੈਂਬਰੀ ਬੈਂਚ ਕੋਲ ਤਬਦੀਲ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਵਿਚਾਲੇ ਕਿਸੇ ਵੀ ਕਿਸਮ ਦਾ ਵਿਵਾਦ ਰੋਕਣ ਲਈ ਸਕੂਲਾਂ ਤੇ ਕਾਲਜਾਂ ’ਚ ਛੁੱਟੀ ਐਲਾਨ ਦਿੱਤੀ ਗਈ ਸੀ। ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣੀ ਹਰ ਕਿਸੇ ਵੀ ਜ਼ਿੰਮੇਵਾਰੀ ਹੈ।’ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੱਕ ਅਦਾਲਤ ਦਾ ਫ਼ੈਸਲਾ ਨਹੀਂ ਆ ਜਾਂਦਾ ਹਰ ਕਿਸੇ ਨੂੰ ਇਸ ਦੀ ਇੱਜ਼ਤ ਕਰਨੀ ਚਾਹੀਦੀ ਹੈ। ਇਸੇ ਦੌਰਾਨ ਕਰਨਾਟਕ ਭਾਜਪਾ ਦੇ ਪ੍ਰਧਾਨ ਨਲਿਨ ਕੁਮਾਰ ਕਤੀਲ ਨੇ ਅੱਜ ਦੋਸ਼ ਲਾਇਆ ਕਿ ਹਿਜਾਬ ਵਿਵਾਦ ਪਿੱਛੇ ਕਾਂਗਰਸ ਦਾ ਹੱਥ ਹੈ। ਉਨ੍ਹਾਂ ਨਾਲ ਹੀ ਕਾਂਗਰਸ ਦੇ ਸੂਬਾ ਪ੍ਰਧਾਨ ਡੀਕੇ ਸ਼ਿਵਕੁਮਾਰ ਨੂੰ ਵੀ ਨਿਸ਼ਾਨੇ ’ਤੇ ਲਿਆ ਅਤੇ ਉਨ੍ਹਾਂ ’ਤੇ ਝੂਠ ਬੋਲਣ ਤੇ ਲੋਕਾਂ ਨੂੰ ਭੜਕਾਉਣ ਦਾ ਦੋਸ਼ ਲਾਇਆ। ਕਤੀਲ ਨੇ ਕਿਹਾ ਕਿ ਕਾਂਗਰਸ ਆਲਮੀ ਮੰਚ ’ਤੇ ਭਾਰਤ ਦਾ ਅਕਸ ਵਿਗਾੜ ਕੇ ਪੇਸ਼ ਕਰਨਾ ਚਾਹੁੰਦੀ ਹੈ ਅਤੇ ਇਹ ਉਸ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਸਾਜ਼ਿਸ਼ ਦਾ ਹੀ ਇੱਕ ਹਿੱਸਾ ਹੈ। ਇਸ ਦੌਰਾਨ ਸੂਬਾ ਸਰਕਾਰ ਨੇ 14 ਫਰਵਰੀ ਤੋਂ ਦਸਵੀਂ ਜਮਾਤ ਤੱਕ ਦੇ ਹਾਈ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। -ਪੀਟੀਆਈ