ਗੁਰਦੀਪ ਸਿੰਘ ਲਾਲੀ
ਸੰਗਰੂਰ, 28 ਅਗਸਤ
ਹਰਿਆਣਾ ’ਚ ਕਰਨਾਲ ਵਿਚ ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਪੁਲੀਸ ਵੱਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ ਦਾ ਮੁੱਦਾ ਇੱਥੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਜਥੇਬੰਦੀਆਂ ਦੇ ਰੋਸ ਧਰਨੇ ਵਿਚ ਗੂੰਜਿਆ। ਕਿਸਾਨ ਜਥੇਬੰਦੀਆਂ ਨੇ ਪੁਲੀਸ ਦੇ ਜਬਰ ਦੀ ਨਿਖੇਧੀ ਕਰਦਿਆਂ ਹਰਿਆਣਾ ਦੀ ਖੱਟਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਭਾਜਪਾ ਨੂੰ ਚੋਣਾਂ ਵਿਚ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ।
ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਇੱਥੇ ਰੇਲਵੇ ਸਟੇਸ਼ਨ ਨੇੜੇ ਜਦੋਂਕਿ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਭਾਜਪਾ ਆਗੂ ਦੇ ਘਰ ਅੱਗੇ ਪੱਕੇ ਰੋਸ ਧਰਨੇ ਜਾਰੀ ਹਨ। ਕਰਨਾਲ ’ਚ ਕਿਸਾਨਾਂ ਉੱਪਰ ਹੋਏ ਪੁਲੀਸ ਲਾਠੀਚਾਰਚ ਦੀ ਖ਼ਬਰ ਜਿਉਂ ਹੀ ਰੋਸ ਧਰਨਿਆਂ ’ਚ ਪੁੱਜੀ ਤਾਂ ਕਿਸਾਨਾਂ ਨੇ ਖੱਟਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿਚ ਕੀਤੀ ਜਾ ਰਹੀ ਰੈਲੀ ਅਤੇ 25 ਸਤੰਬਰ ਨੂੰ ਭਾਰਤ ਬੰਦ ਦੇ ਐਲਾਨਾਂ ਤੋਂ ਕੇਂਦਰ ਸਰਕਾਰ ਬੌਖ਼ਲਾਹਟ ਵਿਚ ਆ ਗਈ ਹੈ। ਇਸ ਦਾ ਪ੍ਰਤੱਖ ਸਬੂਤ ਅੱਜ ਕਰਨਾਲ ਨੇੜੇ ਭਾਜਪਾ ਦਾ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਪੁਲੀਸ ਵਲੋਂ ਕੀਤਾ ਲਾਠੀਚਾਰਜ ਹੈ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇੱਥੇ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪੱਕਾ ਮੋਰਚਾ 331ਵੇਂ ਦਿਨ ਵੀ ਜਾਰੀ ਰਿਹਾ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਲਹਿਰਾਗਾਗਾ-ਮੂੁਨਕ ਇਲਾਕੇ ’ਚ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਤੇ ਮੁਆਵਜ਼ੇ ਲਈ ਜਥੇਬੰਦੀ ਵੱਲੋਂ ਪੀੜਤ ਕਿਸਾਨਾਂ ਨਾਲ ਮੂਨਕ ਐਸਡੀਐਮ ਦਫ਼ਤਰ ਅੱਗੇ ਧਰਨਾ ਜਾਰੀ ਹੈ। ਇਹ ਧਰਨਾ ਮੁਆਵਜ਼ਾ ਮਿਲਣ ਤਕ ਜਾਰੀ ਰਹੇਗਾ।
ਧੂਰੀ (ਹਰਦੀਪ ਸਿੰਘ ਸੋਢੀ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਲੱਡਾ ਟੌਲ ਪਲਾਜ਼ਾ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਾਇਆ ਧਰਨਾ ਦਰਸ਼ਨ ਸਿੰਘ ਕਿਲ੍ਹਾ ਹਕੀਮਾਂ ਦੀ ਅਗਵਾਈ ਵਿੱਚ 331ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂਆਂ ਨੇ ਕਿਹਾ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ ਪਰ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲੈਣਗੇ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਖੁਸ਼ਵੰਤ ਸਿੰਘ, ਜਸਪਾਲ ਸਿੰਘ ਪੇਧਨੀ, ਹਰਬੰਸ ਸਿੰਘ ਪੇਧਨੀ, ਹਰਬੰਸ ਸਿੰਘ, ਰਾਮ ਸਿੰਘ ਕੱਕੜਵਾਲ, ਕਰਮਜੀਤ ਸਿੰਘ ਪੇਧਨੀ, ਗੁਰਜੀਤ ਸਿੰਘ ਲੱਡਾ ਤੇ ਹੋਰ ਆਗੂ ਹਾਜ਼ਰ ਸਨ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹਰ ਵਰਗ ਨੂੰ ਲੜਾਈ ਲੜਨੀ ਪੈਣੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਹੋਏ ਮੋਰਚਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਤਾਂ ਕਿ ਆਪਣੇ ਬੱਚਿਆਂ ਦੇ ਭਵਿੱਖ ਤੇ ਹੋਂਦ ਨੂੰ ਬਚਾਇਆ ਜਾ ਸਕੇ। ਉਨ੍ਹਾਂ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ਉੱਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ’ਤੇ ਵੀ ਧਰਨਾ ਜਾਰੀ ਰਿਹਾ।
ਅੱਜ ਧਰੇੜੀ ਜੱਟਾਂ ’ਚ ਜੁੜੇਗਾ ਕਿਸਾਨਾ ਦਾ ਵੱਡਾ ਇਕੱਠ
ਪਟਿਆਲਾ (ਖੇਤਰੀ ਪ੍ਰਤੀਨਿਧ): ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੀ ਕੜੀ ਵਜੋਂ ਇੱਥੇ ਰਾਜਪੁਰਾ ਰੋਡ ’ਤੇ ਸਥਿਤ ਪਿੰਡ ਧਰੇੜੀ ਜੱਟਾਂ ਵਿਚ ਜਾਰੀ ਧਰਨੇ ’ਚ 29 ਅਗਸਤ ਨੂੰ ਕਿਸਾਨਾਂ ਦਾ ਵੱਡਾ ਹੋਵੇਗਾ। ਇਸ ਨੂੰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਸੁਰਜੀਤ ਸਿੰਘ ਫੂਲ ਸ਼ਿਰਕਤ ਕਰਨਗੇ।