ਪੱਤਰ ਪ੍ਰੇਰਕ
ਬਠਿੰਡਾ, 24 ਅਪਰੈਲ
ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਅਣ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਇਸ ਪ੍ਰਕਾਰ ਅਣ-ਅਧਿਕਾਰਤ ਤੌਰ ’ਤੇ ਵੇਚੇ ਜਾਂ ਖ਼ਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ‘ਪੰਜਾਬ ਬੋਵਾਇਨ ਬਰੀਡਿੰਗ ਐਕਟ, 2016’ ਅਨੁਸਾਰ ਉੱਚਿਤ ਨਹੀਂ ਹੈ। ਅਜਿਹਾ ਕਰਨ ਨਾਲ ਰਾਜ ਦੇ ਪਸ਼ੂਧਨ ਦੀ ਸੁਧਰੀ ਨਸਲ ਖ਼ਰਾਬ ਹੋਣ ਦਾ ਖ਼ਦਸ਼ਾ ਹੈ। ਇਸ ਨਾਲ ਪਸ਼ੂਧਨ ਦੀ ਉਤਪਾਦਨ ’ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਇਸ ਤਰ੍ਹਾਂ ਜ਼ਿਲ੍ਹੇ ਭਰ ’ਚ ਅਣ-ਅਧਿਕਾਰਤ ਸੀਮਨ ਦਾ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ ਜਾਂਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ’ਚ ਮੌਜੂਦ ਹਵਾਈ ਅੱਡੇ ਦੇ ਘੇਰੇ ਤੋਂ ਦੋ ਕਿਲੋਮੀਟਰ ਅੰਦਰ ਲਾਲਟੇਨ ਪਤੰਗਾਂ ਆਦਿ ਦੀ ਵਰਤੋਂ ’ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਸ ਨਾਲ ਜਹਾਜ਼ ਦੇ ਪਾਇਲਟ ਨੂੰ ਸਮੱਸਿਆ ਹੁੰਦੀ ਹੈ। ਇਸੇ ਤਰ੍ਹਾਂ ਹੋਰ ਹੁਕਮਾਂ ’ਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਲੋਕਾਂ ਲਈ ਕੋਈ ਵੀ ਅਸਲਾ ਜਿਵੇਂ ਕਿ ਲਾਇਸੈਂਸੀ ਹਥਿਆਰ, ਨੰਗੀਆਂ ਤਲਵਾਰਾਂ ਅਤੇ ਕਿਸੇ ਵੀ ਤਰ੍ਹਾਂ ਦੇ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਤੌਰ ’ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਹਨ।