ਪੱਤਰ ਪ੍ਰੇਰਕ
ਹੰਡਿਆਇਆ, 9 ਫਰਵਰੀ
ਭਾਕਿਯੂ ਏਕਤਾ ਉਗਰਾਹਾਂ ਬਲਾਕ ਬਰਨਾਲਾ ਵੱਲੋਂ ਹੰਡਿਆਇਆ ਦਾਣਾ ਮੰਡੀ ਵਿੱਚ ਵੱਖ-ਵੱਖ ਪਿੰਡਾਂ ਤੋਂ ਆਏ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਖ-ਵੱਖ ਬੁਲਾਰਿਆਂ ਨੇ ਕਰੋਨਾ ਵਾਇਰਸ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਦੇ ਭਵਿੱਖ ਲਈ ਜਾਗਰੂਕ ਕੀਤਾ ਗਿਆ । ਇਸ ਮਗਰੋਂ ਹੰਡਿਆਇਆ ਵਿੱਚ ਰੋਸ ਮਾਰਚ ਕਰਕੇ ਬਰਨਾਲਾ ਦੇ ਐਸਡੀਐਮ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਸਮੇਤ ਵਿੱਦਿਅਕ ਸੰਸਥਾਵਾਂ ਦੇ ਸਟਾਫ ਮੈਂਬਰ ਅਤੇ ਪ੍ਰਬੰਧਕ ਵੀ ਸ਼ਾਮਲ ਹੋਏ। ਆਗੂਆਂ ਨੇ ਕਿਹਾ ਸਰਕਾਰ ਵੱਲੋਂ ਸਕੂਲ, ਕਾਲਜ ਬੰਦ ਕਰਕੇ ਆਮ ਕਿਸਾਨਾਂ, ਮਜ਼ਦੂਰਾਂ ਤੇ ਹੋਰ ਕਿਰਤੀਆਂ ਦੇ ਬੱਚਿਆਂ ਤੋਂ ਸਿੱਖਿਆ ਗ੍ਰਹਿਣ ਕਰਨ ਦਾ ਹੱਕ ਖੋਹਿਆ ਗਿਆ ਹੈ। ਆਨਲਾਈਨ ਸਿੱਖਿਆ ਦਾ ਫੈਸਲਾ ਲਾਗੂ ਕਰਕੇ ਮੋਬਾਈਲ ਫੋਨਾਂ ਤੇ ਡਾਟਾ ਕੰਪਨੀਆਂ ਦੇ ਵਾਰੇ ਨਿਆਰੇ ਕੀਤੇ ਹਨ। ਆਗੂਆਂ ਨੇ ਕਿਹਾ ਕਿ ਲੋਕਾਂ ਦੇ ਰੋਹ ਨੂੰ ਭਾਂਪਦਿਆਂ ਸਰਕਾਰ ਵੱਲੋਂ ਵੱਡੀਆਂ ਕਲਾਸਾਂ ਦੇ ਬੱਚਿਆਂ ਨੂੰ ਪੜ੍ਹਾਉਣ ਦਾ ਫੈਸਲਾ ਕੀਤਾ ਗਿਆ ਹੈ।
ਸਰਦੂਲਗੜ੍ਹ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਅੇੈਸ.ਡੀ.ਐਮ ਦਫਤਰ ਸਰਦੂਲਗੜ੍ਹ ਵਿਖੇ ਧਰਨਾ ਲਗਾ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਾਇਮਰੀ ਸਕੂਲ ਖੋਲ੍ਹਣ ਦੀ ਮੰਗ ਕੀਤੀ। ਇਸ ਮੌਕੇ ਬੋਲਦਿਆਂ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਸਰਦੂਲਗੜ੍ਹ ਦੇ ਪ੍ਰਧਾਨ ਜਗਜੀਤ ਸਿੰਘ ਜਟਾਣਾ, ਰਮਨਦੀਪ ਸਿੰਘ ਕੁਸਲਾ, ਲੀਲਾ ਸਿੰਘ ਅਤੇ ਬਿੰਦਰ ਸਿੰਘ ਝੰਡਾ ਕਲਾਂ ਆਦਿ ਨੇ ਕਿਹਾ ਕਿ ਇਕ ਪਾਸੇ ਤਾਂ ਰਾਜਨੀਤਕ ਰੈਲੀਆਂ ਵਿੱਚ ਭਾਰੀ ਇਕੱਠ ਹੋ ਰਿਹਾ ਹੈ ਪਰ ਦੂਸਰੇ ਪਾਸੇ ਸਕੂਲਾਂ ਨੂੰ ਬੰਦ ਕਰਕੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਸ੍ਰੀ ਮੁਕਤਸਰ ਸਾਹਿਬ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਰੋਨਾ ਦੀ ਆੜ ਹੇਠ ਬੰਦ ਪਏ ਸਕੂਲ ਤੇ ਕਾਲਜ ਖੁਲ੍ਹਵਾਉਣ ਤੋਂ ਬਾਅਦ ਹੁਣ ਪਹਿਲੀ ਤੋਂ ਪੰਜਵੀਂ ਕਲਾਸ ਤੱਕ ਦੇ ਸਕੂਲ ਖੋਲ੍ਹੇ ਜਾਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਰਾਹੀਂ ਮੁੱਖ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਮੋਬਾਈਲ ਫੋਨਾਂ ’ਤੇ ਪੜ੍ਹ ਰਹੇ ਮਾਸੂਮ ਬੱਚਿਆਂ ਨੂੰ ਭਾਰੀ ਸਰੀਰਕ ਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਇਸ ਉਮਰ ਵਿੱਚ ਸਾਥੀਆਂ ਨਾਲ ਪੜ੍ਹਣ ਅਤੇ ਖੇਡਣ ਦੀ ਬਹੁਤ ਲੋੜ ਹੁੰਦੀ ਹੈ। ਇਸ ਲਈ ਪ੍ਰਾਇਮਰੀ ਪੱਧਰ ਤੱਕ ਦੇ ਸਕੂਲ ਵੀ ਤੁਰੰਤ ਖੋਲ੍ਹੇ ਜਾਣ। ਡਿਪਟੀ ਕਮਿਸ਼ਨਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਮਾਮਲਾ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਉਣਗੇ।
ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਧਰਨਾ ਜਾਰੀ
ਜੈਤੋ (ਪੱਤਰ ਪ੍ਰੇਰਕ): ਸਿੱਖਿਆ ਅਦਾਰੇ ਖੋਲ੍ਹਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਇਥੇ ਐਸਡੀਐਮ ਦਫ਼ਤਰ ਅੱਗੇ ਬੀਤੇ ਦਿਨ ਸ਼ੁਰੂ ਹੋਇਆ ਤਿੰਨ ਦਿਨਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਮੱਤਾ, ਜ਼ਿਲ੍ਹਾ ਆਗੂ ਹਰਪ੍ਰੀਤ ਸਿਘ ਦਲ ਸਿੰਘ ਦਲ ਸਿੰਘ ਵਾਲਾ, ਜ਼ਿਲ੍ਹਾ ਸੰਗਠਨ ਸਕੱਤਰ ਜਸਪ੍ਰੀਤ ਸਿੰਘ ਜੈਤੋ, ਬਲਾਕ ਪ੍ਰਧਾਨ ਜਗਜੀਤ ਸਿੰਘ ਜੈਤੋ, ਬਲਾਕ ਆਗੂ ਸ਼ਿੰਦਾ ਸਿੰਘ ਦਲ ਸਿੰਘ ਵਾਲਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਰਵਿੰਦਰ ਸੇਵੇਵਾਲਾ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੀਆਂ ਕਲਾਸਾਂ ਦੇ ਬੱਚਿਆਂ ਲਈ ਸਕੂਲਾਂ ’ਚ ਲਾਈ ਪਾਬੰਦੀ ਖਤਮ ਕਰਕੇ ਪੜ੍ਹਾਈ ਸ਼ੁਰੂ ਕੀਤੀ ਜਾਵੇ। ਧਰਨੇ ’ਚ ਲਾਭ ਸਿੰਘ ਖਾਲਸਾ, ਗੁਰਲਾਲ ਸਿੰਘ ਰੋੜੀਕਪੂਰਾ, ਸ਼ਿਵੰਦਰ ਸਿੰਘ, ਗੁਰਚਰਨ ਸਿੰਘ, ਨਛੱਤਰ ਸਿੰਘ ਰਣ ਸਿੰਘ ਵਾਲਾ, ਮੰਦਰ ਸਿੰਘ ਸਰਾਵਾਂ, ਜੋਤ ਜੈਤੋ, ਸਰਬਦੀਪ ਸਿੰਘ ਰੋੜੀਕਪੂਰਾ, ਜਸਵਿੰਦਰ ਸਿੰਘ ਆਦਿ ਆਗੁ ਸ਼ਾਮਿਲ ਹੋਏ।