ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 17 ਸਤੰਬਰ
ਪੰਜਾਬ ਦੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ-ਜਲ ਸੰਭਾਲ ਅਤੇ ਪ੍ਰਸ਼ਾਸਕੀ ਸੁਧਾਰ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਪਿੰਡ ਸਾਧੂਗੜ੍ਹ ਦੇ ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ ਦੇ ਖੇਤ ਦਾ ਦੌਰਾ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਨਿੱਝਰ ਨੇ ਕਿਹਾ ਕਿ ਸੂਚਨਾ ਤਕਨਾਲੋਜੀ ਦੇ ਇਸ ਯੁੱਗ ਵਿੱਚ ਸਾਇੰਸ ਨੇ ਕਾਫ਼ੀ ਤਰੱਕੀ ਕੀਤੀ ਹੈ ਅਤੇ ਇਸੇ ਤਰੱਕੀ ਹੇਠ ਖੇਤੀਬਾੜੀ ਲਈ ਵਿਕਸਿਤ ਕੀਤੀਆਂ ਨਵੀਆਂ ਤਕਨੀਕਾਂ ਵੀ ਸ਼ਾਮਲ ਹਨ। ਇਸ ਦੌਰ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਖੇਤੀਬਾੜੀ ਨੂੰ ਲਾਹੇਵੰਦ ਤੇ ਕਫ਼ਾਇਤੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਧੂਗੜ੍ਹ ਦਾ ਅਗਾਂਹਵਧੂ ਕਿਸਾਨ ਆਧੁਨਿਕ ਤਕਨੀਕ ਨਾਲ ਫ਼ਸਲ ਦੀ ਸਿੰਜਾਈ ਕਰਦਾ ਹੈ ਅਤੇ ਇਹ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿੱਚ ਹੀ ਵਾਹ ਦਿੰਦਾ ਹੈ ਜੋ ਹੋਰਨਾਂ ਕਿਸਾਨਾਂ ਲਈ ਪ੍ਰੇਰਨਾਦਾਇਕ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਲਈ ਤਰਜੀਹ ਦਿੱਤੀ ਜਾਵੇ। ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਆਧੁਨਿਕ ਤਕਨੀਕਾਂ ਤਾਂ ਹੀ ਫ਼ਾਇਦੇਮੰਦ ਹੋ ਸਕਦੀਆਂ ਹਨ ਜੇਕਰ ਇਨ੍ਹਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਕੇ ਹਰੇਕ ਕਿਸਾਨ ਦੀ ਪਹੁੰਚ ’ਚ ਬਣਾਈਆਂ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ, ਐੱਸਡੀਐੱਮ ਹਰਪ੍ਰੀਤ ਸਿੰਘ ਅਟਵਾਲ, ਡੀਐੱਸਪੀ ਫ਼ਤਹਿਗੜ੍ਹ ਸਾਹਿਬ ਸੁਖਬੀਰ ਸਿੰਘ ਅਤੇ ਤਹਿਸੀਲਦਾਰ ਬਾਦਲਦੀਨ ਆਦਿ ਹਾਜ਼ਰ ਸਨ।