ਆਤਿਸ਼ ਗੁਪਤਾ
ਚੰਡੀਗੜ੍ਹ, 26 ਜੁਲਾਈ
ਪੰਜਾਬ ਵਿਧਾਨ ਸਭਾ ਚੋਣਾਂ 2022 ਸਬੰਧੀ ਆਮ ਆਦਮੀ ਪਾਰਟੀ ਦੇ ਹੋਰਨਾਂ ਰਾਜਸੀ ਪਾਰਟੀਆਂ ਨਾਲ ਗਠਜੋੜ ਦੀ ਉੱਠ ਰਹੀਆਂ ਅਫ਼ਵਾਹਾਂ ਬਾਰੇ ਪੰਜਾਬ ਦੇ ਸਹਿ-ਇੰਚਾਰਜ ਅਤੇ ਕੌਮੀ ਬੁਲਾਰੇ ਰਾਘਵ ਚੱਢਾ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸਾਫ਼ ਕੀਤਾ ਕਿ ਪਾਰਟੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ। ਸਾਰੇ 117 ਵਿਧਾਨ ਸਭਾ ਹਲਕਿਆਂ ’ਚ ਆਪਣੇ ਉਮੀਦਵਾਰ ਉਤਾਰੇਗੀ ਅਤੇ ਆਪਣੇ ਬਲਬੂਤੇ ’ਤੇ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਚੰਗੇ ਲੋਕਾਂ ਦਾ ਆਮ ਆਦਮੀ ਪਾਰਟੀ ਹਮੇਸ਼ਾ ਸਵਾਗਤ ਕਰਦੀ ਹੈ। ਸ੍ਰੀ ਮਾਨ ਨੇ ਕਿਹਾ ਸੂਬੇ ਦੇ ਲੋਕ ਬਾਦਲਾਂ ਦੇ ਮਾਫ਼ੀਆ ਰਾਜ ਤੋਂ ਦੁਖੀ ਹੋ ਗਏ ਸਨ, ਹੁਣ ਕਾਂਗਰਸ ਦੀ ਮਾਫ਼ੀਆ ਸਰਕਾਰ ਤੋਂ ਹੋਰ ਵੀ ਅੱਕੇ ਪਏ ਹਨ, ਇਸ ਲਈ ਜਨਤਾ ਆਮ ਆਦਮੀ ਪਾਰਟੀ ਨੂੰ ਉਮੀਦ ਵਜੋਂ ਦੇਖ ਰਹੀ ਹੈ ਅਤੇ ਇਕ ਵਾਰ ਸਰਕਾਰ ਦੀ ਜ਼ਿੰਮੇਵਾਰੀ ਸੌਂਪਣ ਦਾ ਪੂਰਾ ਮਨ ਬਣਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਖੇਤੀ ਵਿਰੋਧੀ ਕਾਨੂੰਨਾਂ ਦਾ ਸੜਕ ਤੋਂ ਸੰਸਦ ਅਤੇ ਵਿਧਾਨ ਸਭਾ ਤੱਕ ਪੂਰੀ ਤਰ੍ਹਾਂ ਵਿਰੋਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅੱਜ (ਸੋਮਵਾਰ) ਵੀ ਸੰਸਦ ਦੇ ਅੰਦਰ ਅਤੇ ਬਾਹਰ ਵਿਰੋਧ ਕਰਕੇ ਬਾਅਦ ਦੁਪਹਿਰ ਹਵਾਈ ਜਹਾਜ਼ ਰਾਹੀਂ ਚੰਡੀਗੜ੍ਹ ਪੁੱਜੇ ਹਨ। ਦਿੱਲੀ ਜਾ ਕੇ ਉਦੋਂ ਤੱਕ ਸੰਸਦ ਨਹੀਂ ਚੱਲਣ ਦੇਣਗੇ, ਜਦੋਂ ਤੱਕ ਕੇਂਦਰ ਦੀ ਸਰਕਾਰ ਕਿਸਾਨ ਵਿਰੋਧੀ ਖੇਤੀ ਕਾਨੂੰਨ ਵਾਪਸ ਨਹੀਂ ਲੈ ਲੈਂਦੀ।
‘ਆਪ’ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਇੱਕ ਹੋਰ ਬਿਜਲੀ ਸੋਧ ਬਿੱਲ-2021 ਲਿਆ ਕੇ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਅਤੇ ਕਿਸਾਨਾਂ ਸਮੇਤ ਹੋਰ ਵਰਗਾਂ ਨੂੰ ਮਿਲਦੀ ਬਿਜਲੀ ਸਬਸਿਡੀ ਖੋਹਣ ਜਾ ਰਹੀ ਹੈ। ‘ਆਪ’ ਵੱਲੋਂ ਇਸ ਦਾ ਵੀ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।
ਜਗਦੇਵ ਸਿੰਘ ਖੁੱਡੀਆਂ ਦਾ ਪੁੱਤਰ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਸਮਾਂ ਨੇੜੇ ਆਉਣ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਜੋੜ-ਤੋੜ ਕਰ ਰਹੀਆਂ ਹਨ। ਇਸੇ ਕੜੀ ਵਿੱਚ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਸਾਬਕਾ ਲੋਕ ਸਭਾ ਮੈਂਬਰ ਜਗਦੇਵ ਸਿੰਘ ਖੁੱਡੀਆਂ ਦਾ ਪੁੱਤਰ ਗੁਰਮੀਤ ਸਿੰਘ ਖੁੱਡੀਆਂ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ, ਜਿਨ੍ਹਾਂ ਦਾ ਸੂਬਾ ਪ੍ਰਧਾਨ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪਾਰਟੀ ਵਿੱਚ ਸਵਾਗਤ ਕੀਤਾ। ਸ੍ਰੀ ਖੁੱਡੀਆਂ ਦੇ ਨਾਲ ਹਲਕੇ ਦੇ ਕਈ ਪਿੰਡਾਂ ਦੇ ਸਰਪੰਚ, ਪੰਚ, ਸਮਿਤੀ ਮੈਂਬਰ ਵੀ ਮੌਜੂਦ ਸਨ। ਭਗਵੰਤ ਮਾਨ ਨੇ ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਦਾ ਦਰਦ ਰੱਖਣ ਵਾਲੀਆਂ ਸ਼ਖ਼ਸੀਅਤਾਂ ਹੁਣ ਅੱਗੇ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੀਆਂ ਹਨ ਅਤੇ ਚੰਗੇ ਬੰਦਿਆਂ ਦਾ ‘ਆਪ’ ਵਿੱਚ ਖੁੱਲ੍ਹੇ ਮਨ ਨਾਲ ਸਵਾਗਤ ਹੈ। ਉਨ੍ਹਾਂ ਕਿਹਾ ਕਿ ਗੁਰਮੀਤ ਸਿੰਘ ਦੇ ਪਿਤਾ ਜਗਦੇਵ ਸਿੰਘ ਖੁੱਡੀਆਂ ਫ਼ਰੀਦਕੋਟ ਤੋਂ ਲੋਕ ਸਭਾ ਦੇ ਮੈਂਬਰ ਰਹੇ ਹਨ। ਇਸ ਤੋਂ ਇਲਾਵਾ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਧਾਨ ਸਭਾ ਚੋਣਾਂ ਵਿੱਚ ਲੰਬੀ ਤੋਂ ਕਵਰਿੰਗ ਉਮੀਦਵਾਰ ਵੀ ਸੀ।