ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਮਈ
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ 22 ਮਈ 1964 ਨੂੰ ਵਾਪਰੇ ਸਾਕੇ ਸਮੇਂ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅੱਜ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਮਗਰੋਂ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ ਕਈ ਸਾਕੇ ਵਾਪਰੇ, ਜਿਨ੍ਹਾਂ ਵਿੱਚ ਵੱਡੀ ਗਿਣਤੀ ਸਿੱਖ ਸ਼ਹੀਦ ਹੋਏ। ਉਸ ਸਮੇਂ ਅੰਗਰੇਜ਼ਾਂ ਦਾ ਰਾਜ ਸੀ ਅਤੇ ਸਿੱਖਾਂ ਨੇ ਉਸ ਜ਼ੁਲਮ ਨੂੰ ਹੱਸ ਕੇ ਸਹਿਣ ਕੀਤਾ। ਪਰ ਜਿਹੜੇ ਸਾਕੇ ਆਜ਼ਾਦ ਭਾਰਤ ਵਿੱਚ ਵਾਪਰੇ ਉਨ੍ਹਾਂ ਦਾ ਦਰਦ ਸਿੱਖ ਕਦੀ ਵੀ ਭੁਲਾ ਨਹੀਂ ਸਕਦੇ। ਅਜਿਹਾ ਹੀ ਦੁਖਦ ਸਾਕਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਾਪਰਿਆ, ਜਿਸ ਵਿਚ ਮਿਸਲ ਸ਼ਹੀਦਾਂ ਤਰਨਾ ਦਲ ਦੇ 11 ਸਿੰਘ ਸ਼ਹੀਦ ਹੋਏ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵੱਲੋਂ ਕੀਤੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਮਹੰਤਾਂ ਦੇ ਕਬਜ਼ੇ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ਵਿੱਚ ਬਾਬਾ ਨਿਹਾਲ ਸਿੰਘ ਵੀ ਗੰਭੀਰ ਜ਼ਖ਼ਮੀ ਹੋਏ ਸਨ, ਜਿਨ੍ਹਾਂ ਨੂੰ ਪੰਥ ਨੇ ਜਿਉਂਦਾ ਸ਼ਹੀਦਾ ਦਾ ਖਿਤਾਬ ਦਿੱਤਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਨਿਹਾਲ ਸਿੰਘ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਜਰਨੈਲ ਸਿੰਘ ਕਰਤਾਰਪੁਰ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਨੌਰੰਗ ਸਿੰਘ, ਬੀਬੀ ਜਸਪਾਲ ਕੌਰ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।