ਹਰਪ੍ਰੀਤ ਕੌਰ
ਹੁਸ਼ਿਆਰਪੁਰ, 24 ਜੂਨ
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ, ਸੀਵਰਮੈਨਾਂ ਤੇ ਹੋਰ ਵੱਖ-ਵੱਖ ਬਰਾਚਾਂ ਦੇ ਕੱਚੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਕਾਰਨ ਹੁਸ਼ਿਆਰਪੁਰ ਸ਼ਹਿਰ ਕੂੜੇ ਦਾ ਡੰਪ ਬਣ ਗਿਆ ਹੈ। ਸ਼ਹਿਰ ਵਿੱਚ ਹਰ ਪਾਸੇ ਗੰਦਗੀ ਦੇ ਅੰਬਾਰ ਲੱਗ ਚੁੱਕੇ ਹਨ। ਅੱਜ ਸਵੇਰੇ ਪਏ ਮੀਂਹ ਨਾਲ ਗੰਦਗੀ ਦੇ ਢੇਰਾਂ ’ਚੋਂ ਬਦਬੂ ਫ਼ੈਲਣੀ ਸ਼ੁਰੂ ਹੋ ਗਈ ਹੈ ਜਿਸ ਨੇ ਲੋਕਾਂ ਨੂੰ ਸਾਹ ਲੈਣਾ ਵੀ ਔਖਾ ਕਰ ਦਿੱਤਾ ਹੈ। ਸਰਕਾਰ ਵੱਲੋਂ ਨਗਰ ਨਿਗਮ ਦੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤੇ ਜਾਣ ਦਾ ਖਮਿਆਜਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਪ੍ਰਸ਼ਾਸਨ ਲੋਕਾਂ ਨੂੰ ਨਿਜਾਤ ਦਵਾਉਣ ਲਈ ਆਪਣੇ ਪੱਧਰ ’ਤੇ ਕੋਈ ਕਾਰਵਾਈ ਨਹੀਂ ਕਰ ਰਿਹਾ ਜਿਸ ਤੋਂ ਲੋਕਾਂ ’ਚ ਰੋਸ ਪੈਦਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੇ ਸਰਪ੍ਰਸਤ ਅਤੇ ਦੋ ਵਾਰ ਕੌਂਸਲਰ ਰਹਿ ਚੁੱਕੇ ਬਿਕਰਮਜੀਤ ਸਿੰਘ ਕਲਸੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੀ ਨੁਮਾਇੰਦਗੀ ਕਰ ਰਹੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਸ਼ਹਿਰ ਵਿਚ ਮੌਜੂਦਗੀ ਹੋਣ ਦੇ ਬਾਵਜੂਦ ਸ਼ਹਿਰ ਕੂੜੇ ਦਾ ਡੰਪ ਬਣ ਗਿਆ ਹੈ। ਸਫਾਈ ਕਰਮਚਾਰੀਆਂ ਨੇ ਹੁਣ ਸ਼ਹਿਰ ’ਚ ਕੂੜਾ ਕਰਕਟ ਖਿਲਾਰ ਕੇ ਰੋਸ ਪ੍ਰਗਟਾਉਣਾ ਸ਼ੁਰੂ ਕਰ ਦਿੱਤਾ ਹੈ। ਸ਼ਿਵ ਸੈਨਾ (ਬਾਲ ਠਾਕਰੇ) ਦੇ ਨੇਤਾ ਪਰਮਜੀਤ ਸਿੰਘ ਪਾਲਾ ਅਤੇ ਸੋਮ ਰਾਮ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨਿਗਮ ਦੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਾਣਬੁੱਝ ਕੇ ਲਟਕਾ ਰਹੀ ਹੈ।
ਇਸ ਦੌਰਾਨ ਬਾਬਾ ਵਿਸ਼ਵਕਰਮਾ ਮਜ਼ਦੂਰ ਯੂਨੀਅਨ ਤੇ ਵੈਲਫ਼ੇਅਰ ਸੁਸਾਇਟੀ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਹੈ ਕਿ ਕੋਈ ਵੀ ਮਜ਼ਦੂਰ ਉਂਨਾ ਚਿਰ ਕੰਮ ਨਹੀਂ ਕਰੇਗਾ ਜਦੋਂ ਤੱਕ ਸਰਕਾਰ ਨਿਗਮ ਦੇ ਕਰਮਚਾਰੀਆਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਕਰ ਦਿੰਦੀ। ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਸਾਬੀ ਨੇ ਸਮਰਥਨ ਦਾ ਐਲਾਨ ਕਰਦਿਆਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਮਚਾਰੀਆਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ।