ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਅਗਸਤ
ਫਰੀਡਮ ਫ਼ਾਈਟਰ ਉਤਰਾਅਧਿਕਾਰੀ ਜਥੇਬੰਦੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਭਾਈ ਹਿੰਮਤ ਸਿੰਘ ਧਰਮਸ਼ਾਲਾ ਸੰਗਰੂਰ ਵਿਖੇ ਹੋਈ। ਮੀਟਿੰਗ ਵਿਚ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਪ੍ਰਧਾਨ, ਸੈਕਟਰੀ ਤੇ ਪੰਜਾਬ ਬਾਡੀ ਮੈਂਬਰ ਹਾਜ਼ਰ ਹੋਏ| ਮੀਟਿੰਗ ਦੌਰਾਨ ਵਿਸ਼ੇੇਸ਼ ਤੌਰ ’ਤੇ ਇੰਡੀਆ ਫ਼ਰੀਡਮ ਫ਼ਾਇਟਰ ਜਥੇਬੰਦੀ ਦੇ ਪ੍ਰਧਾਨ ਸੁਰਿੰਦਰ ਸਿੰਘ ਕੋਟਕਪੂਰਾ ਨੇ ਸਾਥੀਆਂ ਸਣੇ ਸ਼ਮੂਲੀਅਤ ਕੀਤੀ| ਸ੍ਰੀ ਖਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਹੀ ਆਪਣੇ ਵਾਅਦੇ ਪੂਰੇ ਕਰਨ ਵਿਚ ਟਾਲਮਟੋਲ ਦੀ ਨੀਤੀ ਅਪਣਾਈ ਹੈ। ਸਰਕਾਰ ਨੇ 300 ਯੂਨਿਟ ਬਿਜਲੀ ਮੁਆਫ਼ੀ ਦਾ ਐਲਾਨ ਕੀਤਾ ਸੀ, ਪ੍ਰੰਤੂ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ। ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜੇਕਰ 10 ਸਤੰਬਰ ਤੱਕ 300 ਯੂਨਿਟ ਬਿਜਲੀ ਮੁਆਫ਼ੀ ਦਾ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਤੇ ਬਾਕੀ ਰਹਿੰਦੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਚੰਡੀਗੜ੍ਹ ਵਿਖੇ ਫ਼ਰੀਡਮ ਫ਼ਾਈਟਰ ਪਰਿਵਾਰ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਵੱਡਾ ਸੰਘਰਸ਼ ਕਰਨਗੇ|