ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 8 ਫ਼ਰਵਰੀ
ਭਾਰਤੀ ਚੋਣ ਕਮਿਸ਼ਨ ਵੱਲੋਂ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੇ ਖਰਚਿਆਂ ਉੱਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਜਿਸ ਕਾਰਨ ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਕੀਤੇ ਖਰਚਾ ਅਬਜ਼ਰਵਰ ਗਨੇਸ਼ ਚੰਦਰਾ ਯਾਦਵ ਨੇ ਵੱਖ-ਵੱਖ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆ ਦੇ ਖਰਚਿਆਂ ਦੀ ਪੜਤਾਲ ਕੀਤੀ। ਖਰਚਾ ਅਬਜ਼ਰਵਰ ਨੇ ਦੱਸਿਆ ਕਿ ਇੱਕ ਉਮੀਦਵਾਰ ਆਪਣੀ ਚੋਣ ਮੁਹਿੰਮ ਉੱਤੇ ਵੱਧ ਤੋਂ ਵੱਧ 40 ਲੱਖ ਰੁਪਏ ਹੀ ਖਰਚ ਕਰ ਸਕਦਾ ਹੈ, ਜਿਸ ਦਾ ਉਨ੍ਹਾਂ ਨੂੰ ਪੂਰਾ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਉਮੀਦਵਾਰ ਖਰਚੇ ਦੀ ਸੀਮਾ ਅਤੇ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਬੇਹਤਾਸ਼ਾ ਖਰਚੇ ਨੂੰ ਘੱਟ ਕਰਨ ਲਈ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰ ਰੈਲੀਆਂ, ਪ੍ਰਚਾਰ ਸਮੱਗਰੀ, ਇਸ਼ਤਿਹਾਰਬਾਜ਼ੀ, ਗੱਡੀਆਂ ਅਤੇ ਚੋਣਾਂ ਲਈ ਜ਼ਰੂਰੀ ਹੋਰ ਫੁਟਕਲ ਕੰਮਾਂ ਉੱਤੇ ਹੀ ਖਰਚ ਸਕਦੇ ਹਨ।