ਗਗਨਦੀਪ ਅਰੋੜਾ
ਲੁਧਿਆਣਾ, 26 ਅਗਸਤ
ਭਾਰਤੀ ਜਨਤਾ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਪੂਰਾ ਹੋਮਵਰਕ ਕਰਨਾ ਸ਼ੁਰੂ ਕਰ ਦਿੱਤਾ ਹੈ। ਵੀਰਵਾਰ ਨੂੰ ਸੂਬਾ ਕਾਰਜਕਾਰਨੀ ਨੇ ਲੁਧਿਆਣਾ ’ਚ 8 ਜ਼ਿਲ੍ਹਿਆਂ ਦੀਆਂ 32 ਵਿਧਾਨ ਸਭਾ ਸੀਟਾਂ ਦੇ ਲਈ ਜ਼ਿਲ੍ਹਾ ਪ੍ਰਧਾਨਾਂ ਤੋਂ ਫੀਡਬੈਕ ਲਈ। ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਆਪਣੇ ਆਪਣੇ ਜ਼ਿਲ੍ਹੇ ’ਚ ਬੂਥ ਪੱਧਰ ਤੱਕ ਢਾਂਚਾ ਤਿਆਰ ਕਰਨ ਤੇ ਇਸਨੂੰ ਮਜ਼ਬੂਤ ਕਰਨ ’ਤੇ ਜ਼ੋਰ ਦੇਣ। ਢਾਂਚੇ ਦੇ ਸਾਰੇ ਮੋਰਚਿਆਂ ਨੂੰ ਬਲਾਕ ਪੱਧਰ ਤੱਕ ਐਕਟਿਵ ਕੀਤਾ ਜਾਵੇ ਅਤੇ ਲੋਕਾਂ ਨਾਲ ਵਿਅਕਤੀਗਤ ਮੇਲਜੋਲ ਵਧਾਉਂਦੇ ਹੋਏ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਜਾਵੇ। ਇਸ ਮੌਕੇ ਸੂਬਾ ਪ੍ਰਧਾਨ ਨੇ ਸਾਰੇ ਭਾਜਪਾ ਆਗੂਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਵਿੱਚ ਸਿਆਸੀ ਪੱਧਰ ਤੋਂ ਉੱਪਰ ਉੱਠ ਕੇ ਵਿਚਰਿਆ ਜਾਵੇ।
ਇਸ ਮੌਕੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ’ਚ ਜ਼ੋਨ ਪੱਧਰ ’ਤੇ ਇਸ ਤਰ੍ਹਾਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਉਸਦੇ ਹਿਸਾਬ ਨਾਲ ਵਿਧਾਨ ਸਭਾ ਚੋਣਾਂ ਦੇ ਲਈ ਰਣਨੀਤੀ ਤੈਅ ਕੀਤੀ ਜਾ ਰਹੀ ਹੈ। ਸ਼ਰਮਾ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਕਿਹਾ ਕਿ ਪਾਰਟੀ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਜਲਦੀ ਹੀ ਆਪਣੇ ਪ੍ਰੋਗਰਾਮਾਂ ਦਾ ਐਲਾਨ ਵੀ ਕਰੇਗੀ। ਉਨ੍ਹਾਂ ਨੇ ਕਿਹਾ ਕਿ ਸਾਰੇ ਜ਼ਿਲ੍ਹਾ ਪ੍ਰਧਾਨ ਆਪਣੇ ਸਥਾਨਕ ਮੁੱਦਿਆਂ ਨੂੰ ਵੀ ਸਟੱਡੀ ਕਰਨ ਤਾਂ ਕਿ ਚੋਣਾਂ ’ਚ ਉਨ੍ਹਾਂ ਨੂੰ ਤੱਥਾਂ ਦੇ ਨਾਲ ਚੁੱਕਿਆ ਜਾ ਸਕੇ। ਲੁਧਿਆਣਾ ਸਰਕਟ ਹਾਊਸ ’ਚ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ’ਚ ਕਿਸਾਨ ਜਥੇਬੰਦੀਆਂ ਕਿਸੇ ਤਰ੍ਹਾਂ ਦਾ ਵਿਘਨ ਨਾ ਪਾਉਣ, ਇਸ ਲਈ ਪੁਲੀਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਹੋਏ ਸਨ। ਇਸ ਤੋਂ ਪਹਿਲਾਂ ਜਲੰਧਰ ਅਤੇ ਹੋਰ ਸ਼ਹਿਰਾਂ ਵਿੱਚ ਭਾਜਪਾ ਆਗੂਆਂ ਦੀਆਂ ਮੀਟਿੰਗਾਂ ਦੀ ਭਿਣਕ ਪੈਣ ਮਗਰੋਂ ਕਿਸਾਨ ਜਥੇਬੰਦੀਆਂ ਮੌਕੇ ਉੱਤੇ ਘਿਰਾਓ ਕਰਨ ਲਈ ਪਹੁੰਚ ਗਈਆਂ ਸਨ। ਇਸੇ ਦੇ ਮੱਦੇਨਜ਼ਰ ਲੁਧਿਆਣਾ ਪੁਲੀਸ ਵੱਲੋਂ ਮੀਟਿੰਗ ਵਾਲੇ ਸਥਾਨ ਉੱਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਮੀਟਿੰਗ ’ਚ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਰਾਜੇਸ਼ ਬਾਘਾ, ਉਪ ਪ੍ਰਧਾਨ ਪ੍ਰਵੀਨ ਬਾਂਸਲ, ਰਾਕੇਸ਼ ਰਾਠੌਰ, ਸੁਨੀਲ ਮੌਦਗਿੱਲ, ਜਨਰਲ ਸਕੱਤਰ ਕਾਂਤੇਂਦੂ ਸ਼ਰਮਾ ਸਮੇਤ ਹੋਰ ਆਗੂ ਮੌਜੂਦ ਸਨ।
ਮੀਟਿੰਗ ਮੌਕੇ ਸੁਰੱਖਿਆ ਲਈ ਤਾਇਨਾਤ ਕੀਤੀ ਭਾਰੀ ਪੁਲੀਸ
ਲੁਧਿਆਣਾ ਸਰਕਟ ਹਾਊਸ ’ਚ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ’ਚ ਕਿਸਾਨ ਜੱਥੇਬੰਦੀਆਂ ਕਿਸੇ ਤਰ੍ਹਾਂ ਦਾ ਵਿਘਨ ਨਾ ਪਾਉਣ, ਇਸ ਲਈ ਪੁਲੀਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਹੋਏ ਸਨ। ਸਰਕਟ ਹਾਊਸ ਰੋਡ ਨੂੰ ਦੋਵੇਂ ਪਾਸੇ ਤੋਂ ਬੰਦ ਕਰ ਦਿੱਤਾ ਗਿਆ ਤੇ ਸਰਕਟ ਹਾਊਸ ’ਚ ਕਿਸੇ ਦੀ ਐਂਟਰੀ ਨਹੀਂ ਹੋਣ ਦਿੱਤੀ ਗਈ। ਪੁਲ਼ੀਸ ਨੇ ਸਰਕਟ ਹਾਊਸ ਨੂੰ ਪੁਲੀਸ ਛਾਉਣੀ ’ਚ ਤਬਦੀਲ ਕਰ ਦਿੱਤਾ।