ਪੱਤਰ ਪ੍ਰੇਰਕ
ਤਰਨ ਤਰਨ, 7 ਨਵੰਬਰ
ਮਿੱਡ-ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਜਲੰਧਰ ਵਿੱਚ ਅੱਜ ਕੀਤੀ ਜਾਣ ਵਾਲੀ ਸੂਬਾ ਪੱਧਰ ਦੀ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਵਰਕਰਾਂ ਨੇ ਅੱਜ ਇੱਥੋਂ ਦੇ ਬੱਸ ਅੱਡੇ ਨੇੜੇ ਆਪਣੀਆਂ ਮੰਗਾਂ ਸਬੰਧੀ ਰੋਸ ਮਾਰਚ ਕੀਤਾ। ਇਸ ਦੌਰਾਨ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਗਈ| ਵਰਕਰਾਂ ਦੀ ਅਗਵਾਈ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਕੌਰ ਨੇ ਕੀਤੀ| ਇਸ ਮੌਕੇ ਜਸਬੀਰ ਕੌਰ ਅਤੇ ਸੁਖਵਿੰਦਰ ਕੌਰ ਤੋਂ ਇਲਾਵਾ ਜਥੇਬੰਦੀ ਦੀਆਂ ਹੋਰ ਆਗੂਆਂ ਪਰਮਜੀਤ ਕੌਰ, ਭੁਪਿੰਦਰ ਕੌਰ ਨੇ ਵੀ ਸੰਬੋਧਨ ਕੀਤਾ| ਬੁਲਾਰਿਆਂ ਨੇ ਉਨ੍ਹਾਂ ਨੂੰ ਕਿਰਤ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਅਨੁਸਾਰ ਉਜਰਤਾਂ ਦੇਣ, ਸਾਲ ਵਿੱਚ ਦੋ ਵਰਦੀਆਂ ਦੇਣ, ਸਰਕਾਰ ਵੱਲੋਂ ਉਨ੍ਹਾਂ ਦਾ 10 ਲੱਖ ਰੁਪਏ ਦਾ ਬੀਮਾ ਕੀਤੇ ਜਾਣ ਆਦਿ ਦੀ ਮੰਗ ਕੀਤੀ| ਵਰਕਰਾਂ ਨੇ ਸੂਬਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ|