ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 26 ਮਈ
ਮੁੱਖ ਅੰਸ਼
- ਖੇਤੀ ਕਾਨੂੰਨ ਰੱਦ ਕਰਾਉਣ ਅਤੇ ਹੋਰ ਮੰਗਾਂ ਮੰਨੇ ਜਾਣ ਤੱਕ ਘਰ ਵਾਪਸੀ ਤੋਂ ਇਨਕਾਰ
ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨਾਂ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਅੰਦੋਲਨ ਨੂੰ ਛੇ ਮਹੀਨੇ ਪੂਰੇ ਹੋਣ ’ਤੇ ਦੇਸ਼ ਭਰ ’ਚ ਅੱਜ ਕਾਲਾ ਦਿਵਸ ਮਨਾਇਆ ਗਿਆ। ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਦੇ ਮੋਰਚਿਆਂ ਸਮੇਤ ਹੋਰ ਥਾਵਾਂ ’ਤੇ ਕਿਸਾਨਾਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ, ਕਾਲੇ ਝੰਡੇ ਲਹਿਰਾਏ, ਕਾਲੇ ਲਬਿਾਸ ਪਹਿਨੇ ਅਤੇ ਮਾਰਚ ਕੱਢ ਕੇ ਖੇਤੀ ਕਾਨੂੰਨ ਰੱਦ ਕਰਨ ਤੇ ਹੋਰ ਮੰਗਾਂ ਮੰਨੇ ਜਾਣ ਤੱਕ ਅੰਦੋਲਨ ਮਘਾਈ ਰੱਖਣ ਦਾ ਇਰਾਦਾ ਪ੍ਰਗਟਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਦੀ ਐੱਨਡੀਏ ਸਰਕਾਰ ਦੇ ਸੱਤਾ ਵਿੱਚ 7 ਸਾਲ ਪੂਰੇ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਕਾਲਾ ਦਿਵਸ ਕੌਮੀ ਪੱਧਰ ’ਤੇ ਮਨਾਉਣ ਦਾ ਸੱਦਾ ਦਿੱਤਾ ਸੀ ਜਿਸ ਨੂੰ ਰਲਿਆ-ਮਿਲਿਆ ਹੁੰਗਾਰਾ ਮਿਲਿਆ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ, ਪੱਛਮੀ ਬੰਗਾਲ, ਮਹਾਰਾਸ਼ਟਰ, ਤਾਮਿਲ ਨਾਡੂ ਅਤੇ ਹੋਰ ਸੂਬਿਆਂ ਵਿੱਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਨਾਰਾਜ਼ਗੀ ਜ਼ਾਹਿਰ ਕਰਨ ਲਈ ਆਪਣੇ ਘਰਾਂ ’ਤੇ ਕਾਲੇ ਝੰਡੇ ਲਾਏ। ਕਈ ਥਾਵਾਂ ’ਤੇ ਮੋਦੀ ਸਰਕਾਰ ਦੀਆਂ ਅਰਥੀਆਂ ਅਤੇ ਪੁਤਲੇ ਫੂਕ ਕੇ ਮੁਜ਼ਾਹਰੇ ਵੀ ਕੀਤੇ ਗਏ। ਪਲਵਲ ਅਤੇ ਰਾਜਸਥਾਨ ਦੇ ਸ਼ਾਹਜਹਾਂਪੁਰ ਦੇ ਮੋਰਚਿਆਂ ’ਤੇ ਵੀ ਕਿਸਾਨਾਂ ਨੇ ਕਾਲੇ ਝੰਡੇ ਲਹਿਰਾ ਕੇ ਮੋਦੀ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਮੋਰਚਿਆਂ ’ਤੇ ਕਿਸਾਨਾਂ ਨੇ ਮਹਾਤਮਾ ਬੁੱਧ ਦੀਆਂ ਤਸਵੀਰਾਂ ’ਤੇ ਫੁੱਲ ਭੇਟ ਕਰਕੇ ਬੁੱਧ ਪੂਰਨਿਮਾ ਮਨਾਈ ਅਤੇ ਸ਼ਾਂਤੀ ਨੂੰ ਇਸ ਅੰਦੋਲਨ ਦਾ ਸਭ ਤੋਂ ਅਹਿਮ ਪੱਖ ਕਰਾਰ ਦਿੱਤਾ। ਦਿੱਲੀ ਚੱਲੋ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ’ਤੇ ਕਾਲਾ ਦਿਵਸ ਮਨਾਉਣ ਲਈ ਵੱਖ-ਵੱਖ ਕੇਂਦਰੀ ਟਰੇਡ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਵਿਦਿਆਰਥੀ ਵਰਗ, ਮਹਿਲਾ ਜਥੇਬੰਦੀਆਂ ਅਤੇ ਕਰਮਚਾਰੀ ਯੂਨੀਅਨਾਂ ਨੇ ਹਮਾਇਤ ਦਿੱਤੀ ਸੀ। ਟਰੇਡ ਯੂਨੀਅਨ ਆਗੂ ਅਮਰਜੀਤ ਕੌਰ ਨੇ ਦੱਸਿਆ ਕਿ ਇਹ ਦਿਨ ਭਾਰਤੀ ਲੋਕਤੰਤਰ ਲਈ ਕਾਲਾ ਦਿਨ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਜਨਤਕ ਖੇਤਰ ਦੀਆਂ ਕੰਪਨੀਆਂ ਦਾ ਧੜਾ-ਧੜ ਨਿੱਜੀਕਰਨ ਕਰਕੇ ਕਾਰਪੋਰੇਟਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਆਮ ਲੋਕਾਂ ਨੂੰ ਡਾਕਟਰੀ ਸਹੂਲਤਾਂ ਦੀ ਕਮੀ ਝੱਲਣੀ ਪੈ ਰਹੀ ਹੈ ਪਰ ਕੇਂਦਰ ਸਰਕਾਰ ਨੇ ਇਸ ਦੌਰਾਨ ਵੀ ਕਾਰਪੋਰੇਟਾਂ ਦੇ ਨਫ਼ੇ ਬਾਰੇ ਸੋਚਿਆ ਹੈ।
ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਦੇ ਬਾਰਡਰਾਂ ਤੋਂ ਆਗੂਆਂ ਨੇ ਕਿਸਾਨਾਂ ਨੂੰ ਹੋਰ ਲੰਬੀ ਲੜਾਈ ਦੀ ਤਿਆਰੀ ਵਿੱਢਣ ਦਾ ਹੋਕਾ ਦਿੱਤਾ। ਕਿਸਾਨ ਆਗੂ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਦੇਸ਼ ਭਰ ਵਿੱਚ ਕਿਸਾਨਾਂ ਨੇ ਘਰਾਂ, ਟਰੈਕਟਰਾਂ, ਮੋਟਰ ਸਾਈਕਲਾਂ ਅਤੇ ਕਾਰਾਂ ਉਪਰ ਵੀ ਕਾਲੇ ਝੰਡੇ ਲਹਿਰਾਏ। ਉਨ੍ਹਾਂ ਸਿਰਾਂ ਉਪਰ ਕਾਲੀਆਂ ਪੱਟੀਆਂ ਬੰਨ੍ਹੀਆਂ ਤੇ ਔਰਤਾਂ ਨੇ ਕਾਲੀਆਂ ਚੁੰਨੀਆਂ ਲਈਆਂ। ਸਿੰਘੂ ਬਾਰਡਰ ’ਤੇ ਕਜ਼ਾਰੀਆ ਟਾਈਲਸ ਦੇ ਸ਼ੋਅਰੂਮ ਨੇੜੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਮੰਚ ਤੱਕ ਮਾਰਚ ਕੱਢਿਆ ਗਿਆ। ਟਿਕਰੀ ਬਾਰਡਰ ਤੋਂ ਕਿਸਾਨਾਂ ਨੇ ਹਰਿਆਣਾ ਦੇ ਪਿੰਡਾਂ ਵਿੱਚ ਕਾਲੇ ਝੰਡੇ ਮੋਟਰ ਸਾਈਕਲਾਂ ’ਤੇ ਟੰਗ ਕੇ ਮਾਰਚ ਕੱਢਿਆ ਅਤੇ ਟੈਂਟਾਂ ਉਪਰ ਵੀ ਕਾਲੇ ਝੰਡੇ ਲਹਿਰਾਏ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 7 ਸਾਲਾਂ ਤੋਂ ਰਾਜ ਚਲਾ ਰਹੀ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਲਿਆ ਕੇ ਖੇਤੀ ਖੇਤਰ ਨੂੰ ਕਾਰਪੋਰੇਟਾਂ ਦੀ ਝੋਲੀ ’ਚ ਪਾਉਣ ਦਾ ਮਨਸੂਬਾ ਬਣਾਇਆ ਹੈ ਜਿਸ ਨੂੰ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਨੂੰ ਭੰਡਦਿਆਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ’ਤੇ ਬੈਠਿਆਂ ਛੇ ਮਹੀਨੇ ਲੰਘ ਚੁੱਕੇ ਹਨ ਪਰ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕਦੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਬੀਤੇ 182 ਦਿਨਾਂ ਦੌਰਾਨ ਰੋਜ਼ਾਨਾ ਕਿਸਾਨਾਂ ਦੀਆਂ ਸ਼ਹੀਦੀਆਂ ਹੋ ਰਹੀਆਂ ਹਨ ਪਰ ਕੇਂਦਰ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਦੋਲਨ ਖਿੰਡਾਉਣ ਲਈ ਕੇਂਦਰ ਸਰਕਾਰ ਹੱਥਕੰਡੇ ਵਰਤ ਰਹੀ ਹੈ ਜਿਸ ਦੇ ਵਿਰੋਧ ’ਚ ਰੋਸ ਮਾਰਚ ਕੱਢਿਆ ਗਿਆ।