ਆਤਿਸ਼ ਗੁਪਤਾ
ਚੰਡੀਗੜ੍ਹ, 23 ਮਈ
ਯੂਟੀ ਪ੍ਰਸ਼ਾਸਨ ਨੇ ਨਗਰ ਨਿਗਮ ਅਧੀਨ ਆਏ ਪਿੰਡਾਂ ਵਿੱਚ ਲਾਲ ਡੋਰੇ ਤੋਂ ਬਾਹਰ ਉਸਾਰੀਆਂ ’ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਬਾਵਜੂਦ ਪਿੰਡ ਡੱਡੂਮਾਜਰਾ ਵਿੱਚ ਲਾਲ ਲਕੀਰ ਤੋਂ ਬਾਹਰ ਉਸਾਰੀਆਂ ਦਾ ਕੰਮ ਜਾਰੀ ਹੈ ਜਿਸ ਨੂੰ ਰੋਕਣ ਵਿੱਚ ਪ੍ਰਸ਼ਾਸਨ ਕਾਮਯਾਬ ਨਹੀਂ ਹੋ ਪਾ ਰਿਹਾ। ਇਹ ਉਸਾਰੀ ਭਾਜਪਾ ਕੌਂਸਲਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦੇਖ-ਰੇਖ ਹੇਠ ਕਰਵਾਈ ਜਾ ਰਹੀ ਹੈ।
ਪਿਛਲੇ ਲੰਬੇ ਸਮੇਂ ਤੋਂ ਕੌਂਸਲਰਾਂ ਅਤੇ ਪਿੰਡ ਵਾਸੀਆਂ ਵੱਲੋਂ ਲਾਲ ਡੋਰੇ ਤੋਂ ਬਾਹਰ ਉਸਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪਰ ਯੂਟੀ ਪ੍ਰਸ਼ਾਸਨ ਵੱਲੋਂ ਲਾਲ ਲਕੀਰ ਤੋਂ ਬਾਹਰ ਦੀ ਉਸਾਰੀਆਂ ਨੂੰ ਨਾਜਾਇਜ਼ ਦੱਸਦੇ ਹੋਏ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਹ ਉਸਾਰੀ ਭਾਜਪਾ ਕੌਂਸਲਰਾਂ ਦੀ ਦੇਖ-ਰੇਖ ਹੇਠ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਪਿਛਲੇ ਮਹੀਨੇ ਸ਼ਾਸਤਰੀ ਨਗਰ ਮਨੀਮਾਜਰਾ ਸਣੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਾਲ ਡੋਰ ਤੋਂ ਬਾਹਰ ਹੋਏ ਨਿਰਮਾਣ ਖ਼ਿਲਾਫ਼ ਕਾਰਵਾਈ ਵੀ ਕੀਤੀ ਗਈ ਸੀ। ਉਸ ਤੋਂ ਬਾਅਦ ਕਰੋਨਾ ਦੀ ਆਮਦ ਕਰਕੇ ਇਹ ਕਾਰਵਾਈ ਮੱਠੀ ਪੈ ਗਈ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਲਾਲ ਡੋਰੇ ਦੀਆਂ ਉਸਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।