ਸ਼ਗਨ ਕਟਾਰੀਆ
ਬਠਿੰਡਾ, 21 ਦਸੰਬਰ
ਕਰੀਬ ਇਕ ਸਾਲ ਪਹਿਲਾਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜੈਤੋ ’ਚ ਲੱਗੇ ਪੰਜਾਬ ਵਿਆਪੀ ਧਰਨੇ ’ਚ ਜਾਨ ਤੋਂ ਹੱਥ ਧੋਣ ਵਾਲੇ ਕੋਟੜਾ ਪਿੰਡ ਦੇ ਕਿਸਾਨ ਜਗਸੀਰ ਸਿੰਘ ਜੱਗਾ ਦੇ ਪਰਿਵਾਰ ਨੂੰ ਸਰਕਾਰੀ ਸਹਾਇਤਾ ਦੁਆਉਣ ਲਈ ਸਿੱਧੂਪੁਰ ਕਿਸਾਨ ਧੜੇ ਵੱਲੋਂ 18 ਦਸੰਬਰ ਤੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ। ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜੋਧਾ ਸਿੰਘ ਨੰਗਲਾ ਨੇ ਕਿਹਾ ਕਿ ਘਟਨਾ ਸਮੇਂ ਜੈਤੋ ਪਹੁੰਚੇ ਮੁੱਖ ਮੰਤਰੀ ਦੇ ਓਐੱਸਡੀ ਸੰਦੀਪ ਸੰਧੂ ਨੇ ਮ੍ਰਿਤਕ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ, ਕਰਜ਼ਾ ਮੁਆਫ਼ ਕਰਨ ਸਮੇਤ ਨਕਦ ਮਾਲੀ ਮੱਦਦ ਦਾ ਐਲਾਨ ਕੀਤਾ ਸੀ, ਜੋ ਅਜੇ ਤੱਕ ਸਿਰੇ ਨਹੀਂ ਚੜ੍ਹਿਆ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੇ ਕੀਤੇ ਵਾਅਦੇ ਤੋਂ ਭੱਜਣ ਦੀ ਬਜਾਏ ਇਸ ਨੂੰ ਪੂਰਾ ਕਰਨ ਲਈ ਫੌਰੀ ਕਾਰਵਾਈ ਅਮਲ ਵਿੱਚ ਲਿਆਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਆਪਣੇ ਵਾਅਦੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਭਾਕਿਯੂ (ਸਿੱਧੂਪੁਰ) ਤਿੱਖਾ ਸੰਘਰਸ਼ ਕਰੇਗੀ।