ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 21 ਦਸੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਅੱਗੇ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 89ਵੇਂ ਦਿਨ ਵੀ ਜਾਰੀ ਰਿਹਾ।
ਅੱਜ ਕਿਸਾਨਾਂ-ਮਜ਼ਦੂਰਾਂ ਨੇ ਬਿਹਾਰ ਦੇ ਖੇਤੀ ਮੰਤਰੀ ਵੱਲੋਂ ਕਿਸਾਨਾਂ ਨੂੰ ਦਲਾਲ ਕਹੇ ਜਾਣ ਦੇ ਬਿਆਨ ਦੀ ਨਿਖੇਧੀ ਕਰਦਿਆਂ ਮੁਜ਼ਾਹਰਾ ਕੀਤਾ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਅਤੇ ਲਖਵਿੰਦਰ ਸਿੰਘ ਵਰਿਆਮ ਨੇ ਕਿਹਾ ਕਿ ਬਿਹਾਰ ਦੇ ਖੇਤੀਬਾੜੀ ਮੰਤਰੀ ਅਮਰਿੰਦਰ ਪ੍ਰਤਾਪ ਸਿੰਘ ਦਾ ਬਿਆਨ ਉਨ੍ਹਾਂ ਨੂੰ ਹੀ ਅੰਬਾਨੀਆਂ, ਅਡਾਨੀਆਂ ਤੇ ਪੂੰਜੀਪਤੀਆਂ ਦਾ ਦਲਾਲ ਸਾਬਿਤ ਕਰਦਾ ਹੈ। ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਤੋਂ ਬੁਖਲਾਹਟ ਵਿੱਚ ਆ ਕੇ ਕੇਂਦਰ ਸਰਕਾਰ ਦੇ ਮੰਤਰੀ ਕਿਸਾਨਾਂ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰਕੇ ਘੋਲ ਨੂੰ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਪਰ ਭਾਜਪਾ ਦੇ ਇਹ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ। ਅੱਜ ਜ਼ੋਨ ਪ੍ਰਧਾਨ ਅਜੀਤ ਸਿੰਘ ਠੱਠੀਆਂ, ਸੰਤੋਖ ਸਿੰਘ ਬੁਤਾਲਾ, ਚਰਨ ਸਿੰਘ ਕਲੇਰ ਘੁਮਾਣ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਦਾ ਕਾਫ਼ਲਾ ਧਰਨੇ ਵਿੱਚ ਸ਼ਾਮਲ ਹੋਇਆ। ਆਗੂਆਂ ਨੇ ਦੱਸਿਆ ਕਿ ਸੰਘਰਸ਼ ਕਮੇਟੀ ਵੱਲੋਂ ਦਿੱਲੀ ਮੋਰਚੇ ਲਈ ਜਥੇ ਭੇਜਣ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਅਗਲਾ ਜਥਾ ਗੁਰਦਾਸਪੁਰ ਤੋਂ 25 ਦਸੰਬਰ ਨੂੰ ਰਵਾਨਾ ਹੋਵੇਗਾ।
ਦਿੱਲੀ ਮੋਰਚੇ ’ਤੇ ਮਨਾਇਆ ਜਾਵੇਗਾ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਦਿੱਲੀ ਵਿੱਚ ਕੁੰਡਲੀ-ਸਿੰਘੂ ਮੋਰਚਾ ਲਗਾਤਾਰ ਜਾਰੀ ਹੈ ਤੇ ਮਾਝੇ ਵਿੱਚੋਂ ਉੱਥੇ ਕਿਸਾਨਾਂ ਦੇ ਵੱਡੇ ਕਾਫਲੇ ਜਾਣੇ ਲਗਾਤਾਰ ਜਾਰੀ ਹਨ। ਮੋਰਚਾ ਸੰਭਾਲੀ ਬੈਠੇ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ, ਸੰਘਰਸ਼ ਜਾਰੀ ਰਹੇਗਾ ਅਤੇ ਦਿੱਲੀ ਮੋਰਚੇ ’ਤੇ ਹੀ 22 ਦਸੰਬਰ ਨੂੰ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਵੀ ਮਨਾਏ ਜਾਣਗੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੁੰਡਲੀ-ਸਿੰਘੂ ਮੋਰਚੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ 22 ਦਸੰਬਰ ਨੂੰ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾ ਕੇ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲਣ ਦਾ ਅਹਿਦ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 11 ਜ਼ਿਲ੍ਹਿਆਂ ਦੇ ਹਜ਼ਾਰਾਂ ਪਿੰਡਾਂ ਵਿੱਚ ਬੀਤੇ ਦਿਨ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।