ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਜਨਵਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਨੇ ਅੱਜ ਦਿੱਲੀ-ਕੱਟੜਾ ਐਕਸਪ੍ਰੈੱਸਵੇਅ ਲਈ ਜ਼ਮੀਨ ਐਕਵਾਇਰ ਕਰਨ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਵੱਲੋਂ ਉਠਾਏ ਜਾ ਰਹੇ ਇਤਰਾਜ਼ਾਂ ਨੂੰ ਦੂਰ ਕਰਨ ਲਈ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਕਰੀਬ 15 ਜ਼ਿਲ੍ਹਿਆਂ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇੱਥੇ ਪੰਜਾਬ ਭਵਨ ਵਿੱਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੇ ਆਪਣੇ ਇਤਰਾਜ਼ ਕਮੇਟੀ ਅੱਗੇ ਦਰਜ ਕਰਵਾ ਦਿੱਤੇ ਹਨ, ਜਿਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਪੇਸ਼ ਕੀਤਾ ਜਾਵੇਗਾ।