ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਦਸੰਬਰ
ਯੂਟੀ ਪ੍ਰਸ਼ਾਸਨ ਨੇ ਸ਼ਹਿਰ ਦੇ ਕਲੱਬਾਂ, ਰੈਸਤਰਾਂ ਅਤੇ ਹੋਟਲਾਂ ਵਿੱਚ ਹੁੱਕਾ ਸਪਲਾਈ ਕਰਨ ’ਤੇ ਪਾਬੰਦੀ ਲਗਾਈ ਹੋਈ ਹੈ। ਇਸ ਦੇ ਬਾਵਜੂਦ ਕਲੱਬਾਂ ਵਿੱਚ ਹੁੱਕਾ ਸਪਲਾਈ ਕੀਤਾ ਜਾ ਰਿਹਾ ਹੈ। ਇਸ ਰੁਝਾਨ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸੈਕਟਰ-26 ਦੀ ਪੁਲੀਸ ਨੇ ਸੈਕਟਰ-7 ਵਿੱਚ ਸਥਿਤ ਕਲੱਬ ਦੇ ਮਾਲਕ ਸਣੇ ਚਾਰ ਜਣਿਆਂ ਵਿਰੁੱਧ ਕੇਸ ਦਰਜ ਕੀਤਾ ਹੈ।
ਪੁਲੀਸ ਵੱਲੋਂ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਕਲੱਬ ਮਾਲਕ ਜਤਿਨ ਵਾਸੀ ਕਰਨਾਲ ਸ਼ਾਮਲ ਹੈ। ਇਸੇ ਤਰ੍ਹਾਂ ਹੁੱਕਾ ਸਪਲਾਈ ਕਰਨ ਦੇ ਦੋਸ਼ ਹੇਠ ਆਕਾਸ਼ ਨਾਗਪਾਲ ਵਾਸੀ ਪੰਚਕੂਲਾ, ਵਿਕਾਸ ਵਾਸੀ ਮਲੋਆ ਅਤੇ ਸੰਦੀਪ ਕੁਮਾਰ ਵਾਸੀ ਮੜੀ ਵਾਲਾ ਟਾਊਨ, ਮਨੀਮਾਜਰਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੈਕਟਰ-26 ਦੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੈਕਟਰ-7 ਸਥਿਤ ਕਲੱਬ ’ਤੇ ਛਾਪਾ ਮਾਰਿਆ ਸੀ। ਇਸ ਦੌਰਾਨ ਕਲੱਬ ਵਿੱਚ ਹੁੱਕਾ ਸਪਲਾਈ ਕੀਤਾ ਜਾ ਰਿਹਾ ਸੀ। ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਚੰਡੀਗੜ੍ਹ ਪੁਲੀਸ ਨੇ ਹੁੱਕਾ ਸਪਲਾਈ ਕਰਨ ਦੇ ਦੋਸ਼ ਤਹਿਤ ਸ਼ਨਿਚਰਵਾਰ ਨੂੰ ਸੈਕਟਰ-26 ਅਤੇ ਸੈਕਟਰ-7 ਦੇ ਦੋ ਕਲੱਬਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸੇ ਤਰ੍ਹਾਂ 17 ਦਸੰਬਰ ਨੂੰ ਵੀ ਸੈਕਟਰ-7 ਕਲੱਬ ਦੇ 6 ਸਟਾਫ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।