ਸੰਗਰੂਰ (ਨਿਜੀ ਪੱਤਰ ਪ੍ਰੇਰਕ): ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਰੇਲਵੇ ਸਟੇਸ਼ਨ ਨੇੜੇ ਚੱਲ ਰਿਹਾ ਰੋਸ ਧਰਨਾ 113ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਅੱਜ ਰੋਸ ਧਰਨੇ ਦੌਰਾਨ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਤੁਰੰਤ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਰੋਸ ਧਰਨੇ ਨੂੰ ਕਿਸਾਨ ਆਗੂ ਹਰਮੇਲ ਸਿੰਘ ਮਹਿਰੋਕ, ਨਿਰਮਲ ਸਿੰਘ ਬਟੜਿਆਣਾ, ਰਾਮ ਸਿੰਘ ਸੋਹੀਆਂ, ਹਰੀ ਸਿੰਘ ਚੱਠਾ, ਰੋਹੀ ਸਿੰਘ ਮੰਗਵਾਲ, ਡਾ. ਅਮਨਦੀਪ ਕੌਰ ਗੋਸਲ, ਹਰਜੀਤ ਸਿੰਘ ਕਲੌਦੀ, ਲੱਖਮੀ ਚੰਦ, ਹਰਚਰਨ ਸਿੰਘ ਕਲੌਦੀ ਅਤੇ ਸ੍ਰੀ ਮੋਹਨ ਲਾਲ ਸੁਨਾਮ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ 26 ਜਨਵਰੀ ਦੀ ਟਰੈਕਟਰ ਪਰੇਡ ਲਈ ਲੋਕਾਂ ਨੂੰ ਲਾਮਬੰਦ ਕਰਨ ਵਾਸਤੇ ਪਿੰਡਾਂ ਵਿੱਚ ਮੁਹਿੰਮ ਲਗਾਤਾਰ ਚੱਲ ਰਹੀ ਹੈ ਅਤੇ ਕਿਸਾਨਾਂ ਤੇ ਹਰ ਵਰਗ ਦੇ ਲੋਕਾਂ ਵਿੱਚ ਟਰੈਕਟਰ ਪਰੇਡ ਲਈ ਪੂਰਾ ਜੋਸ਼ ਤੇ ਉਤਸ਼ਾਹ ਹੈ। ਇਸ ਮੌਕੇ ਤਰਕਸ਼ੀਲ ਆਗੂ ਸੁਰਜੀਤ ਸਿੰਘ ਭੱਠਲ ਵਲੋਂ ਇਨਕਲਾਬੀ ਗੀਤ ਪੇਸ਼ ਕਰਕੇ ਸੰਘਰਸ਼ ਵਿੱਚ ਨਵਾਂ ਜੋਸ਼ ਭਰਿਆ ਅਤੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਅਲੋਚਨਾ ਕੀਤੀ। ਬੁਲਾਰਿਆਂ ਨੇ ਕਿਹਾ ਕਿ 26 ਜਨਵਰੀ ਦੀ ਟਰੈਕਟਰ ਪਰੇਡ ਹੱਕਾਂ ਲਈ ਲੜੇ ਸੰਘਰਸ਼ਾਂ ਵਿੱਚੋਂ ਇੱਕ ਨਵਾਂ ਇਤਿਹਾਸ ਸਿਰਜੇਗੀ।