ਪੱਤਰ ਪ੍ਰੇਰਕ
ਸੰਗਰੂਰ, 21 ਜਨਵਰੀ
ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਜ਼ਿੱਦੀ ਰਵੱਈਏ ਕਾਰਨ ਮੀਟਿੰਗਾਂ ਬੇਸਿੱਟਾ ਰਹੀਆਂ ਹਨ, ਜਿਸ ਕਾਰਨ ਨਿਰਾਸ਼ਾ ਦੇ ਆਲਮ ਨੂੰ ਸਾਜ਼ਗਾਰ ਮਾਹੌਲ ਵਿੱਚ ਬਦਲਣ ਲਈ ਹੁਣ ਢੁੱਕਵਾਂ ਸਮਾਂ ਹੈ| 26 ਜਨਵਰੀ ਦੇ ਮਹੱਤਵ ਨੂੰ ਸਮਝਦਿਆਂ ਇਹ ਅਹਿਮ ਮੌਕਾ ਗੁਆਉਣਾ ਨਹੀਂ ਚਾਹੀਦਾ| ਉਨ੍ਹਾਂ ਕਿਹਾ ਕਿ 22 ਜਨਵਰੀ ਦੀ ਗੱਲਬਾਤ ਨੂੰ ਸਫ਼ਲ ਬਣਾਉਣ ਲਈ ਕੇਂਦਰ ਸਰਕਾਰ ਪਹਿਲਕਦਮੀ ਕਰੇ| ਰਾਜ ਸਭਾ ਮੈਂਬਰ ਨੇ ਕਿਹਾ ਕਿ ਮੀਟਿੰਗਾਂ ਦੇ ਸਿਲਸਿਲੇ ਦਾ ਪੈਂਤੜਾ ਵੀ ਕੇਂਦਰ ਸਰਕਾਰ ਨੂੰ ਰਾਸ ਨਹੀਂ ਆਇਆ| ਇਸੇ ਤਰ੍ਹਾਂ ਖਾਲਿਸਤਾਨੀ, ਨਕਸਲੀ ਦੇ ਦੋਸ਼ ਲਾਉਣ ਦੇ ਟੋਟਕੇ ਵੀ ਫੇਲ੍ਹ ਹੋ ਚੁੱਕੇ ਹਨ| ਕਿਸਾਨਾਂ ਦੇ ਪੁਰਅਮਨ ਘੋਲ ਨੇ ਕੇਂਦਰ ਸਰਕਾਰ ਦੇ ਕੂੜ ਪ੍ਰਚਾਰ ਨੂੰ ਨੇੜੇ ਨਹੀਂ ਢੁੱਕਣ ਦਿੱਤਾ| ਉਨ੍ਹਾਂ ਕਿਹਾ ਕਿ ਝੂਠ ਦੀ ਰਾਜਨੀਤੀ ਕਰਨ ਵਾਲੇ ਆਗੂਆਂ ਨੂੰ ਲੋਕ ਕਦੇ ਮੂੰਹ ਨਹੀਂ ਲਾਉਣਗੇ।