ਸੰਤੋਖ ਗਿੱਲ
ਗੁਰੂਸਰ ਸੁਧਾਰ, 15 ਦਸੰਬਰ
ਕੌਮਾਂਤਰੀ ਹਵਾਈ ਅੱਡਾ ਹਲਵਾਰਾ ਦੀ ਚਾਰਦੀਵਾਰੀ ਦੀ ਉਸਾਰੀ ਸ਼ੁਰੂ ਕਰਨ ਲਈ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾਕਟਰ ਅਮਰ ਸਿੰਘ ਬੋਪਾਰਾਏ ਨੇ ਇਸ ਦਾ ਨੀਂਹ ਪੱਥਰ ਰੱਖਿਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿੱਜੀ ਦਿਲਚਸਪੀ ਲੈ ਕੇ ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਕੀਤੇ ਯਤਨਾ ਵਾਸਤੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਹਵਾਈ ਅੱਡਾ ਬਣਨ ਨਾਲ ਇਲਾਕੇ ਦਾ ਤੇਜ਼ੀ ਨਾਲ ਵਿਕਾਸ ਹੋਵੇਗਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਮੌਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਗਲਾਡਾ ਦੇ ਵਧੀਕ ਮੁੱਖ ਪ੍ਰਬੰਧਕ ਭੁਪਿੰਦਰ ਸਿੰਘ ਅਤੇ ਹਵਾਬਾਜ਼ੀ ਵਿਭਾਗ ਦੇ ਡਾਇਰੈਕਟਰ ਐੱਸਕੇ ਸ਼ਰਨ ਵੀ ਮੌਜੂਦ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾਕਟਰ ਅਮਰ ਸਿੰਘ ਬੋਪਾਰਾਏ ਨੇ ਕਿਹਾ ਕਿ ਪਹੁੰਚ ਸੜਕ ਅਤੇ ਚਾਰਦੀਵਾਰੀ ਦੀ ਉਸਾਰੀ ਬਾਅਦ ਹਵਾਈ ਅੱਡੇ ਦੇ ਟਰਮੀਨਲ ਦੀ ਉਸਾਰੀ ਦਾ ਕੰਮ ਵੀ ਜਲਦ ਸ਼ੁਰੂ ਹੋਵੇਗਾ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਟਰਮੀਨਲ ਦੀ ਇਮਾਰਤ ਮੁਕੰਮਲ ਹੋਣ ਬਾਅਦ ਜਲਦ ਹੀ ਹਵਾਈ ਉਡਾਣਾ ਸ਼ੁਰੂ ਹੋ ਜਾਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਨੀਰੂ ਕਤਿਆਲ, ਐੱਸ.ਡੀ.ਐੱਮ ਰਾਏਕੋਟ ਹਿਮਾਂਸ਼ੂ ਗੁਪਤਾ ਅਤੇ ਲੋਕ ਨਿਰਮਾਣ ਵਿਭਾਗ ਦੇ ਕਈ ਅਧਿਕਾਰੀ ਅਤੇ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ।