ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਦਸੰਬਰ
ਕਿਸਾਨ ਅੰਦੋਲਨ ਸਬੰਧੀ ਪਾਰਟੀ ਵੱਲੋਂ ਲਏ ਗਏ ਫ਼ੈਸਲੇ ਵਿਰੁੱਧ ਗ੍ਰਿਫ਼ਤਾਰੀ ਦੇਣ ’ਤੇ ਲੋਕ ਇਨਸਾਫ਼ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਚੱਕ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਇੱਕ ਹਫ਼ਤੇ ’ਚ ਇਸ ਦਾ ਜਵਾਬ ਦੇਣ ਲਈ ਕਿਹਾ ਹੈ।
ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਮਰੀਕ ਸਿੰਘ ਵਰਪਾਲ ਨੇ ਦੱਸਿਆ ਕਿ ਲੋਕ ਇਨਸਾਫ਼ ਪਾਰਟੀ ਨੇ ਫ਼ੈਸਲਾ ਕੀਤਾ ਸੀ ਕਿ 31 ਮੈਂਬਰੀ ਕਿਸਾਨ ਸੰਘਰਸ਼ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਹੀ ਪਾਰਟੀ ਵੱਲੋਂ ਸੰਘਰਸ਼ ਵਿੱਚ ਹਿੱਸਾ ਲਿਆ ਜਾਵੇਗਾ ਪਰ ਸੁਖਦੇਵ ਸਿੰਘ ਨੇ ਪਾਰਟੀ ਦੇ ਫ਼ੈਸਲੇ ਦੀ ਉਲੰਘਣਾ ਕੀਤੀ। ਸੁਖਦੇਵ ਸਿੰਘ ਵੱਲੋਂ ਦਿੱਤੀ ਗਈ ਗ੍ਰਿਫ਼ਤਾਰੀ ਨਾਲ ਪਾਰਟੀ ਦਾ ਫ਼ੈਸਲਾ ਪ੍ਰਭਾਵਿਤ ਹੋਇਆ ਹੈ ਅਤੇ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਨੁਕਤਾਚੀਨੀ ਵੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇ ਇਸ ਸਬੰਧੀ ਉਸ ਨੇ ਕੋਈ ਯੋਗ ਜਵਾਬ ਨਾ ਦਿੱਤਾ ਤਾਂ ਉਸ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।