ਰਾਜਨ ਮਾਨ
ਮਜੀਠਾ, 10 ਜਨਵਰੀ
ਪੰਜਾਬ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਅੱਜ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੜਕਾਂ ’ਤੇ ਰਾਤਾਂ ਕੱਟ ਰਹੀਆਂ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਵੱਲੋਂ ਪੰਜਾਬ ਸਰਕਾਰ ਦੀ ਲਾਰਿਆਂ ਦੀ ਲੋਹੜੀ ਬਾਲ ਕੇ ਮੰਤਰੀਆਂ ਦੇ ਹਲਕਿਆਂ ਵਿੱਚ ਉਨ੍ਹਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ।
ਅੱਜ ਕੱਥੂਨੰਗਲ ਟੌਲ ਪਲਾਜ਼ਾ ’ਤੇ ਸਿਹਤ ਕਾਮਿਆਂ ਨੇ ਪੰਜਾਬ ਸਰਕਾਰ ਦੀ ਲਾਰਿਆਂ ਦੀ ਲੋਹੜੀ ਬਾਲ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਵਿਰੁੱਧ ਦਰਜ ਪੁਲੀਸ ਕੇਸ ਤੁਰੰਤ ਵਾਪਸ ਲਏ ਜਾਣ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੱਤ ਦਿਨ ਦੀ ਚਿਤਾਵਨੀ ਦਿੱਤੀ ਹੈ ਕਿ ਇੱਕ ਹਫ਼ਤੇ ਵਿੱਚ ਉਨ੍ਹਾਂ ਵਿਰੁੱਧ ਥਾਣਾ ਕੱਥੂਨੰਗਲ ਵਿਚ ਦਰਜ ਕੇਸ ਰੱਦ ਕੀਤੇ ਜਾਣ ਨਹੀਂ ਤਾਂ ਉਹ ਐਸਐਸਪੀ ਦੇ ਦਫ਼ਤਰ ਦਾ ਘਿਰਾਓ ਕਰਨਗੇ। ਧਰਨਾਕਾਰੀਆਂ ਨੇ ਚੋਣ ਜ਼ਾਬਤਾ ਲੱਗਣ ਕਾਰਨ ਆਪਣਾ ਧਰਨਾ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ।
ਯੂਨੀਅਨ ਦੀ ਸੂਬਾ ਜਨਰਲ ਸਕੱਤਰ ਸਰਬਜੀਤ ਕੌਰ ਅਤੇ ਸੂਬਾ ਪ੍ਰੈਸ ਸਕੱਤਰ ਸਤਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਲਾਰਿਆਂ ਵਿਚ ਲਾ ਕੇ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਦੇ ਹਲਕਿਆਂ ’ਚ ਵਿਰੋਧ ਕੀਤਾ ਜਾਵੇਗਾ।
ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵਿਰੁੱਧ ਦਰਜ ਪੁਲੀਸ ਕੇਸ ਵਾਪਸ ਲੈਣ ਸਬੰਧੀ ਨਾਇਬ ਤਹਿਸੀਲਦਾਰ ਨਾਲ ਗੱਲਬਾਤ ਹੋਈ ਹੈ। ਇਸ ਸਬੰਧੀ ਸੱਤ ਦਿਨ ਦਾ ਸਮਾਂ ਦਿੱਤਾ ਗਿਆ ਹੈ ਨਹੀਂ ਤਾਂ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਚੰਚਲ ਬਾਲਾ, ਰਣਜੀਤ ਕੌਰ, ਪ੍ਰਨੀਤ ਕੌਰ, ਰਣਜੀਤ ਕੌਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ, ਗੁਰਮੇਜ ਸਿੰਘ, ਰਛਪਾਲ ਸਿੰਘ ਸਣੇ ਸੈਂਕੜੇ ਵਰਕਰਾਂ ਹਾਜ਼ਰ ਸਨ।
ਸਿਹਤ ਮੁਲਾਜ਼ਮਾਂ ਵੱਲੋਂ ਧਰਨਾ ਖ਼ਤਮ
ਪਠਾਨਕੋਟ (ਐੱਨਪੀ ਧਵਨ): ਐੱਨਐੱਚਐੱਮ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਲਾਏ ਲਾਰੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਚੋਣ ਜ਼ਾਬਤਾ ਲੱਗਣ ਕਾਰਨ ਫ਼ਿਲਹਾਲ ਉਨ੍ਹਾਂ ਨੇ ਧਰਨਾ ਸਮਾਪਤ ਕਰ ਦਿੱਤਾ ਤੇ ਕੰਮ ’ਤੇ ਪਰਤਣ ਅਤੇ ਕਲਮ ਛੱਡੋ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਡਾ. ਵਿਮੁਕਤ ਸ਼ਰਮਾ ਨੇ ਕਿਹਾ ਕਿ ਸਰਕਾਰ ਨੇ ਕਰੋੜਾਂ ਰੁਪਏ ਖ਼ਰਚ ਕੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਇਸ਼ਤਿਹਾਰਬਾਜ਼ੀ ਤਾਂ ਕੀਤੀ ਪਰ ਕੋਈ ਮੁਲਾਜ਼ਮ ਪੱਕਾ ਨਹੀਂ ਕੀਤਾ। ਇਸ ਦਾ ਖ਼ਮਿਆਜ਼ਾ ਕਾਂਗਰਸ ਨੂੰ ਚੋਣਾਂ ਦੌਰਾਨ ਭੁਗਤਣਾ ਪਵੇਗਾ। ਜ਼ਿਲ੍ਹਾ ਪ੍ਰਧਾਨ ਪੰਕਜ ਕੁਮਾਰ ਨੇ ਕਿਹਾ ਕਿ ਸਰਕਾਰ ਨੇ ਐੱਨਐੱਚਐੱਮ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੋਕਣ ਸਬੰਧੀ ਪੱਤਰੀ ਜਾਰੀ ਕਰ ਕੇ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੱਤਰ ਵਾਪਸ ਹੋਣ ਤਕ ਮੁਲਾਜ਼ਮਾਂ ਵੱਲੋਂ ਕਲਮ ਛੱਡੋ ਹੜਤਾਲ ਜਾਰੀ ਰਹੇਗੀ। ਇਸ ਮੌਕੇ ਦੀਪਿਕਾ ਸ਼ਰਮਾ, ਮੀਨਾਕਸ਼ੀ, ਜਤਿਨ ਕੁਮਾਰ, ਅਰਜਨ ਸਿੰਘ, ਰਵੀ ਕੁਮਾਰ, ਪਰਮਜੋਤ ਕੌਰ, ਡਾ. ਦੀਪਾਲੀ, ਡਾ. ਤਨਵੀ ਸ਼ਰਮਾ, ਡਾ. ਮਨਜੀਤ ਕੌਰ, ਡਾ. ਨੇਹਾ, ਨੀਤੂ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।