ਨਿੱਜੀ ਪੱਤਰ ਪ੍ਰੇਰਕ
ਬਟਾਲਾ, 7 ਦਸੰਬਰ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਾਂਝੇ ਤੌਰ ’ਤੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ। ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਢਪੱਈ ਵਿੱਚ ਪਹੁੰਚੇ ਬਾਜਵਾ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਤਾਨਾਸ਼ਾਹੀ ਰਵੱਈਆ ਛੱਡ ਕੇ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਨਾਲ ਹੈ ਤੇ 8 ਦਸੰਬਰ ਦੇ ‘ਭਾਰਤ ਬੰਦ’ ਦਾ ਸਮਰਥਨ ਕਰਦੀ ਹੈ। ਇਸ ਮੌਕੇ ਬਲਬੀਰ ਸਿੱਧੂ ਨੇ ਕਿਹਾ ਕਿ ਜੇ ਕਿਸਾਨ ਖੇਤੀ ਬਿੱਲਾਂ ਨੂੰ ਠੀਕ ਨਹੀਂ ਮੰਨਦੇ ਤਾਂ ਕੇਂਦਰ ਨੂੰ ਜਾਣ-ਬੁੱਝ ਕੇ ਇਸ ਨੂੰ ਥੋਪਣਾ ਨਹੀਂ ਚਾਹੀਦਾ।