ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਦਸੰਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਪੰਜਾਬ ਕਾਂਗਰਸ ਵੱਲੋਂ ‘ਭਾਰਤ ਬੰਦ’ ਦੇ ਸਮਰਥਨ ਵਿੱਚ ਭਲਕੇ ਪੰਜਾਬ ਭਰ ’ਚ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਕੀਤੇ ਜਾਣਗੇ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਮੇਟੀਆਂ ਨੂੰ ਇਸ ਬਾਰੇ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਮਨ ਦੀ ਗੱਲ ਕਰਨ ਦੀ ਥਾਂ ਲੋਕਾਂ ਦੇ ਮਨ ਦੀ ਗੱਲ ਸੁਣਨ। ਸ੍ਰੀ ਜਾਖੜ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਯਾਦ ਕਰਵਾਇਆ ਕਿ ਨਾ ਤਾਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਦਾ ਕੰਮ ਕਿਸੇ ਕਾਰਪੋਰੇਟ ਨੂੰ ਦਿੱਤਾ ਜਾ ਸਕਦਾ ਹੈ ਅਤੇ ਨਾ ਹੀ 135 ਕਰੋੜ ਭਾਰਤੀਆਂ ਦੀ ਭੋਜਨ ਸੁਰੱਖਿਆ ਦਾ ਜ਼ਿੰਮਾ ਵੱਡੀਆਂ ਕੰਪਨੀਆਂ ਨੂੰ ਸੌਂਪਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੌਮੀ ਸੁਰੱਖਿਆ ਅਸਲ ਵਿੱਚ ਦੇਸ਼ ਦੀ ਭੋਜਨ ਸੁਰੱਖਿਆ ਨਾਲ ਜੁੜੀ ਹੋਈ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਵਿੱਚ ਲੱਗੀ ਹੋਈ ਹੈ ਜਦਕਿ ਚਾਹੀਦਾ ਤਾਂ ਇਹ ਹੈ ਕਿ ਸਰਕਾਰ ਬਿਨਾਂ ਦੇਰੀ ਕਿਸਾਨਾਂ ਦੀ ਗੱਲ ਮੰਨ ਕੇ ਕਾਲੇ ਕਾਨੂੰਨ ਰੱਦ ਕਰੇ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਸੰਸਦ ਭਵਨ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣ ਲਈ ਕਾਹਲੇ ਹਨ ਪਰ ਜਦੋਂ ਕੇਂਦਰ ਸਰਕਾਰ ਸੰਸਦ ਵਿੱਚ ਕੋਈ ਚਰਚਾ ਕਰਨ ਨੂੰ ਤਿਆਰ ਹੀ ਨਹੀਂ ਤਾਂ ਫਿਰ ਮੰਦੀ ਦੇ ਇਸ ਦੌਰ ਵਿੱਚ ਨਵਾਂ ਭਵਨ ਉਸਾਰਨ ਦਾ ਕੀ ਮਹੱਤਵ ਰਹਿ ਜਾਂਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਨ ਦੀ ਗੱਲ ਕਰਨ ਦੀ ਥਾਂ ਲੋਕਾਂ ਦੇ ਮਨ ਦੀ ਗੱਲ ਸੁਣਨ।