ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸੰਗਰੂਰ, 5 ਦਸੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਬਣੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਤਹਿਤ ਇਨਕਲਾਬੀ ਜਮਹੂਰੀ ਮੋਰਚੇ ਵੱਲੋਂ ਵੱਖ-ਵੱਖ ਇਨਕਲਾਬੀ ਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਭਗਵਾਨ ਮਹਾਵੀਰ ਚੌਕ ਵਿੱਚ ਕੇਂਦਰ ਸਰਕਾਰ ਅਤੇ ਅੰਬਾਨੀਆਂ ਤੇ ਅਡਾਨੀਆਂ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਫਿਰਕੂ ਏਜੰਡਿਆਂ ਨੂੰ ਲਾਗੂ ਕਰ ਕੇ ਘੱਟ ਗਿਣਤੀਆਂ ’ਤੇ ਯੋਜਨਾਬੱਧ ਢੰਗ ਨਾਲ ਜਬਰ ਢਾਹੁਣ ਦਾ ਦੋਸ਼ ਲਾਇਆ।
ਇਸ ਤੋਂ ਪਹਿਲਾਂ ਸਥਾਨਕ ਪ੍ਰਜਾਪਤ ਧਰਮਸ਼ਾਲਾ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਵਿਸ਼ਾਲ ਰੋਸ ਰੈਲੀ ਕੀਤੀ ਗਈ। ਇਸ ਮਗਰੋਂ ਭਗਵਾਨ ਮਹਾਵੀਰ ਚੌਕ ਤੱਕ ਰੋਸ ਮਾਰਚ ਕਰਦਿਆਂ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੀ ਅਰਥੀ ਫ਼ੂਕੀ ਗਈ। ਰੈਲੀ ਨੂੰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਧਰਮਪਾਲ ਅਤੇ ਬਿਮਲ ਕੌਰ, ਇਨਕਲਾਬੀ ਜਮਹੂਰੀ ਮੋਰਚਾ ਪੰਜਾਬ ਦੇ ਪ੍ਰਧਾਨ ਸਵਰਨਜੀਤ ਸਿੰਘ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿਕਰ ਸਿੰਘ ਹਥੋਆ ਅਤੇ ਪਰਮਜੀਤ ਕੌਰ, ਐਡਵੋਕਟ ਨਰਿੰਦਰ ਕੌਰ, ਤਰਕਸ਼ੀਲ ਆਗੂ ਪਰਮਵੇਦ ਤੇ ਜੁਝਾਰ ਸਿੰਘ ਲੌਂਗੋਵਾਲ, ਅਧਿਆਪਕ ਆਗੂ ਬਲਵੀਰ ਚੰਦ ਲੌਂਗੋਵਾਲ ਨੇ ਵੀ ਸੰਬੋਧਨ ਕੀਤਾ।
ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਇਕ ਪਾਸੇ ਤਾਂ ਆਰਐੱਸਐੱਸ ਦੇ ਫਿਰਕੂ ਏਜੰਡਿਆਂ ਨੂੰ ਲਾਗੂ ਕਰਦਿਆਂ ਦੇਸ਼ ਦੀਆਂ ਘੱਟ ਗਿਣਤੀਆਂ ਦਲਿਤਾਂ, ਔਰਤਾਂ ਤੇ ਖੱਬੇ ਪੱਖੀ ਸ਼ਕਤੀਆਂ ਉੱਤੇ ਯੋਜਨਾਬੱਧ ਢੰਗ ਨਾਲ ਜਬਰ ਕਰ ਰਹੀ ਹੈ ਤੇ ਦੂਜੇ ਪਾਸੇ ਦੇਸ਼ ਦੇ ਮਾਲ ਖ਼ਜ਼ਾਨਿਆਂ ਨੂੰ ਸਾਮਰਾਜੀ ਕੰਪਨੀਆਂ ਤੇ ਅੰਬਾਨੀਆਂ ਅੰਡਾਨੀਆਂ ਨੂੰ ਕੌਡੀਆਂ ਦੇ ਭਾਅ ਲੁਟਾ ਰਹੀ ਹੈ। ਕਿਰਤ ਕਾਨੂੰਨਾਂ ਨੂੰ ਖ਼ਤਮ ਕਰ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਦੀ ਕਿਰਤ ਸ਼ਕਤੀ ਨੂੰ ਲੁੱਟਣ ਦੀ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ। ਕੇਂਦਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਬਕ ਸਿਖਾਉਣ ਲਈ ਪੰਜਾਬ ਦੀ ਆਰਥਿਕ ਨਾਕਾਬੰਦੀ ਕਰਨ ਅਤੇ ਉਨ੍ਹਾਂ ਦੇ ਦਿੱਲੀ ਜਾਣ ਵੇਲੇ ਅੰਤਰਰਾਜੀ ਸਰਹੱਦਾਂ ’ਤੇ ਨਾਕੇ ਲਗਾ ਕੇ ਜਬਰ ਕਰਨ ਅਤੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਨ ਵਰਗੀਆਂ ਗੈਰ ਜਮਹੂਰੀ ਕਾਰਵਾਈਆਂ ਕੀਤੀਆਂ ਗਈਆਂ ਹਨ। ਰੈਲੀ ਵਿਚ ਕਿਸਾਨ ਆਗੂ ਹਰਮੇਲ ਸਿੰਘ ਸੁਨਾਮ, ਮਜਦੂਰ ਆਗੂ ਲਖਵੀਰ ਲੌਂਗੋਵਾਲ, ਜਗਰੂਪ ਸਿੰਘ, ਅਮਰੀਕ ਖੋਖਰ, ਇਕਬਾਲ ਕੌਰ, ਚੰਦ ਸਿੰਘ ਧੂਰੀ ਤੇ ਬਹਾਲ ਸਿੰਘ ਬੇਨੜਾ ਵੀ ਸ਼ਾਮਲ ਸਨ।
ਮੁਲਾਜ਼ਮਾਂ ਤੇ ਹੋਰ ਵਰਗਾਂ ਨੇ ਮਿਲ ਕੇ ਫੂਕੀ ਕੇਂਦਰ ਦੀ ਅਰਥੀ
ਪਟਿਆਲਾ (ਰਵੇਲ ਸਿੰਘ ਭਿੰਡਰ): ਕਿਸਾਨਾਂ ਦਾ ਸੰਘਰਸ਼ ਦਿੱਲੀ ਬਾਰਡਰ ਤੋਂ ਬਿਨਾ ਹੁਣ ਪਿੰਡਾਂ ਤੇ ਸ਼ਹਿਰਾਂ ਵਿੱਚ ਵੀ ਵਧਣ ਲੱਗਿਆ ਹੈ। ਖੇਤੀ ਕਾਨੂੰਨ ਨੂੰ ਲਾਗੂ ਕਰਨ ਅਤੇ ਪ੍ਰਸਤਾਵਿਤ ਬਿਜਲੀ ਐਕਟ 2020 ਦੇ ਵਿਰੋਧ ਵਿੱਚ ਪਟਿਆਲਾ ਦੇ ਸ਼ਹਿਰੀ ਵਰਗ ਅਤੇ ਅਧਿਆਪਕਾਂ, ਬਿਜਲੀ ਮੁਲਾਜ਼ਮਾਂ, ਕਿਸਾਨਾਂ, ਦੁਕਾਨਦਾਰਾਂ ਨੇ ਰਲ ਕੇ ਪੰਜਾਬ ਹਿਤੈਸ਼ੀ ਫ਼ਰੰਟ ਦੇ ਬੈਨਰ ਹੇਠ ਅੱਜ ਇੱਥੇ ਫੁਹਾਰਾ ਚੌਕ ਵਿੱਚ ਇਕੱਠੇ ਹੋ ਕੇ ਮੋਮਬੱਤੀ ਮਾਰਚ ਤੇ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਕੇਂਦਰ ਸਰਕਾਰ ਵਿਰੁੱਧ ਕਿਸਾਨ ਵਿਰੋਧੀ ਕਾਨੂੰਨ ਲਾਗੂ ਕੀਤੇ ਜਾਣ ਦੇ ਰੋਸ ਵਜੋਂ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਹਿਤੈਸ਼ੀ ਫਰੰਟ ਦੇ ਕਨਵੀਨਰ ਮਨਜੀਤ ਸਿੰਘ ਚਾਹਲ ਅਤੇ ਜਨਰਲ ਸਕੱਤਰ ਰਣਧੀਰ ਸਿੰਘ ਨਲੀਨਾਂ ਨੇ ਦੱਸਿਆ ਕਿ ਪੰਜਾਬ ਦੀ ਮਿਹਨਤਕਸ਼ ਜਮਾਤ ਵਿੱਚ ਕੇਂਦਰ ਸਰਕਾਰ ਵਿਰੁੱਧ ਭਾਰੀ ਰੋਸ ਹੈ। ਉਨਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਵਿੱਚ ਕੁਲਜੀਤ ਸਿੰਘ ਰਟੋਲ, ਅਵਤਾਰ ਸਿੰਘ ਸ਼ੇਰਗਿੱਲ, ਕੁਲਦੀਪ ਸਿੰਘ ਲੰਗ ਤੇ ਸਤਨਾਮ ਸਿੰਘ ਧਨੋਰੀ ਆਦਿ ਨੇ ਸੰਬੋਧਨ ਕੀਤਾ।