ਗੁਰਦੀਪ ਸਿੰਘ ਲਾਲੀ
ਸੰਗਰੂਰ, 22 ਅਗਸਤ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਗੁਜਰਾਤ ’ਚ ਬਿਲਕੀਸ ਬਾਨੋ ਸਮੂਹਿਕ ਜਬਰ-ਜਨਾਹ ਅਤੇ ਪਰਿਵਾਰ ਦੇ ਜੀਆਂ ਦੇ ਕਤਲ ਦੇ ਦੋਸ਼ੀਆਂ ਦੀ ਸਜ਼ਾ ਮੁਆਫ਼ ਕਰ ਕੇ ਰਿਹਾਅ ਕਰਨ ਖ਼ਿਲਾਫ਼ ਫਾਸ਼ੀਵਾਦੀ ਹਕੂਮਤ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਰਾਜਸਥਾਨ ਵਿੱਚ 9 ਸਾਲ ਦੇ ਬੱਚੇ ਨੂੰ ਘੜੇ ਵਿੱਚੋਂ ਪਾਣੀ ਪੀਣ ਕਾਰਨ ਅਧਿਆਪਕ ਵੱਲੋਂ ਕੁੱਟ-ਕੁੱਟ ਕੇ ਮਾਰਨ ਦੀ ਵੀ ਨਿਖੇਧੀ ਕੀਤੀ ਗਈ।
ਇਸ ਮੌਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਨੇ ਕਿਹਾ ਕਿ ਭਾਰਤੀ ਫਾਸ਼ੀਵਾਦੀ ਰਾਜ ਦਾ ਦੋਗਲਾ ਚਿਹਰਾ ਇਸ ਫ਼ੈਸਲੇ ਨਾਲ ਹੋਰ ਵੀ ਬੇਪਰਦ ਹੋ ਗਿਆ ਹੈ। ਇੱਕ ਪਾਸੇ ਦੁਨੀਆਂ ਦਾ ਸਭ ਤੋਂ ਵੱਧ ਘਿਨਾਉਣਾ ਜ਼ੁਲਮ ਕਰਨ ਵਾਲਿਆਂ ਨੂੰ ਰਿਹਾਅ ਕਰਕੇ ਸਨਮਾਨਿਤ ਕੀਤਾ ਜਾ ਰਿਹਾ ਹੈ ਜਦਕਿ ਦੂਜੇ ਪਾਸੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਦੇਸ਼ ਵਿਚ ਦਲਿਤਾਂ ਅਤੇ ਘੱਟ ਗਿਣਤੀਆਂ ਨੂੰ ਇਨਸਾਫ਼ ਨਹੀਂ ਮਿਲ ਰਿਹਾ ਅਤੇ ਲਗਾਤਾਰ ਵਿਤਕਰੇਬਾਜ਼ੀ ਹੋ ਰਹੀ ਹੈ। ਉਨ੍ਹਾਂ ਹਿੰਦੂਤਵੀ ਫਾਸ਼ੀਵਾਦੀ ਹਕੂਮਤ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ।
ਪਟਿਆਲਾ (ਖੇਤਰੀ ਪ੍ਰਤੀਨਿਧ): ਗੁਜਰਾਤ ਸਰਕਾਰ ਵੱਲੋਂ ਬਿਲਕੀਸ ਬਾਨੋ ਤੇ ਉਸਦੇ ਪਰਿਵਾਰ ਦੇ ਦੁਖਾਂਤ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਰਿਹਾਅ ਕਰਨ ਦਾ ਜ਼ੋਰਦਾਰ ਵਿਰੋਧ ਕਰਦਿਆਂ ਇਸਤਰੀ ਜਾਗ੍ਰਿਤੀ ਮੰਚ ਵੱਲੋਂ ਇੱਥੇ ਨਹਿਰੂ ਪਾਰਕ ਵਿੱਚ ਰੋਸ ਰੈਲੀ ਕੀਤੀ ਗਈ ਜਿਸ ਮਗਰੋਂ ਬੱਸ ਸਟੈਂਡ ਸਥਿਤ ਬੱਤੀਆਂ ਵਾਲੇ ਚੌਕ ਵਿੱਚ ਕੇਂਦਰ ਸਰਕਾਰ ਖਿਲਾਫ਼ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਅਮਨਦੀਪ ਕੌਰ ਅਤੇ ਸਪਨਾ ਨੇ ਕਿਹਾ ਕਿ ਮੋਦੀ ਸਰਕਾਰ ਆਰ.ਐੱਸ.ਐੱਸ. ਦੇ ਫਾਸ਼ੀਵਾਦੀ ਏਜੰਡੇ ਨੂੰ ਲਾਗੂ ਕਰ ਰਹੀ ਹੈ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਭਾਜਪਾ ਦੇ ਸੱਤਾ ਵਿੱਚ ਆਉਣ ਮਗਰੋਂ ਘੱਟ ਗਿਣਤੀਆਂ, ਔਰਤਾਂ ਅਤੇ ਦਲਿਤਾਂ ਖਿਲਾਫ਼ ਹਿੰਸਕ ਘਟਨਾਵਾਂ ’ਚ ਬੇਸ਼ੁਮਾਰ ਵਾਧਾ ਵਾਧਾ ਹੋਇਆ ਹੈ। ਇਸ ਦੌਰਾਨ ਅਦਾਰਾ ‘ਪਰਵਾਜ਼’ ਤੋਂ ਡਾ. ਅਰਵਿੰਦਰ ਕੌਰ ਕਾਕੜਾ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਦੀ ਆਗੂ ਜੈਕੀ ਨੇ ਕਿਹਾ ਕਿ ਗੁਜਰਾਤ ਸਰਕਾਰ ਨੇ ਦੇਸ਼ ਦੀਆਂ ਘੱਟ ਗਿਣਤੀਆਂ, ਦਲਿਤਾਂ ਅਤੇ ਸਮੂਹ ਇਨਸਾਫ਼ਪਸੰਦ ਤੇ ਮਿਹਨਤੀ ਲੋਕਾਂ ਨੂੰ ਇਸ ਗੈਰ-ਇਖਲਾਕੀ ਰਿਹਾਈ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੱਦਾ ਵੀ ਦਿੱਤਾ।