ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ , 14 ਅਕਤੂਬਰ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਨਾਲ ਸਬੰਧਤ ਲਿਆਂਦੇ ਗਏ ਤਿੰਨੇ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਾ ਮਾਝੀ, ਟੌਲ ਪਲਾਜ਼ਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਲਗਾਏ ਧਰਨੇ ਅੱਜ ਚੌਦਵੇਂ ਦਿਨ ਵੀ ਜਾਰੀ ਰੱਖੇ ਗਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਾਲਾਝਾੜ ਟੌਲ ਪਲਾਜ਼ਾ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਲਗਾਏ ਧਰਨੇ ਵਿੱਚ ਕਿਸਾਨ ਆਗੂਆਂ ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਘਰਾਚੋਂ, ਅਜੈਬ ਸਿੰਘ ਲੱਖੇਵਾਲ, ਹਰਜਿੰਦਰ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾ ਨੇ ਕਿਹਾ ਕਿ ਪੰਜਾਬ ਵਿੱਚ ਤੇਜ਼ੀ ਨਾਲ ਵਧ ਰਹੇ ਮੌਜੂਦਾ ਕਿਸਾਨ ਜਥੇਬੰਦੀਆਂ ਦੇ ਸਾਂਝੇ ਘੋਲ ਨੇ ਕਾਰਪੋਰੇਟ ਘਰਾਣੇ ਅਤੇ ਭਾਜਪਾ ਗੱਠਜੋੜ ਨੂੰ ਆਪਣੇ ਨਿਸ਼ਾਨੇ ‘ਤੇ ਲਿਆ ਹੋਇਆ ਹੈ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੇ ਆਗੂ ਰਮਨ ਸਿੰਘ ਕਾਲਾਝਾੜ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਵਿਦਿਆਰਥਣ ਆਗੂ ਸੰਦੀਪ ਕੌਰ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਗਟ ਸਿੰਘ ਕਾਲਾਝਾੜ ਨੇ ਸੰਬੋਧਨ ਕੀਤਾ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਅੱਜ ਟੌਲ ਪਲਾਜ਼ਾ ਮਾਝੀ ਵਿਖੇ ਲਗਾਏ ਧਰਨੇ ਨੂੰ ਕਿਸਾਨ ਆਗੂ ਗੁਰਮੀਤ ਸਿੰਘ ਭੱਟੀਵਾਲ, ਕਰਮ ਸਿੰਘ ਬਲਿਆਲ, ਸੁਖਦੇਵ ਸਿੰਘ ਬਾਲਦ ਕਲਾਂ, ਰਣਧੀਰ ਸਿੰਘ ਭੱਟੀਵਾਲ, ਨਛੱਤਰ ਸਿੰਘ ਝਨੇੜੀ ਅਤੇ ਬੁੱਧ ਸਿੰਘ ਬਾਲਦ ਨੇ ਸੰਬੋਧਨ ਕੀਤਾ।