ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ’ਤੇ ਮੋਗਾ ਵਿਚ ਕੀਤੀ ਜਾ ਰਹੀ ਰੈਲੀ ’ਚ ਦੋ ਲੱਖ ਤੋਂ ਜ਼ਿਆਦਾ ਲੋਕ ਹਿੱਸਾ ਲੈਣਗੇ ਅਤੇ ਇਹ ਰੈਲੀ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਦੌਰ ਦੀ ਸ਼ੁਰੂਆਤ ਦਾ ਮੁੱਢ ਬੰਨ੍ਹੇਗੀ। ਸੁਖਬੀਰ ਨੇ ਕਿਹਾ ਕਿ ਭਲਕੇ ਮੋਗਾ ਵਿਚ ਮਨੁੱਖਤਾ ਦਾ ਸਮੁੰਦਰ ਨਜ਼ਰ ਆਵੇਗਾ ਤੇ ਭ੍ਰਿਸ਼ਟ, ਘੁਟਾਲਿਆਂ ਭਰੀ ਕਾਂਗਰਸ ਸਰਕਾਰ, ਜਿਸ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਗਈ, ਦੀ ਪੁੱਠੀ ਗਿਣਤੀ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਰੌਂਅ ਸਪੱਸ਼ਟ ਹੈ। ਲੋਕ ਜਵਾਬਦੇਹ ਸਰਕਾਰ ਚਾਹੁੰਦੇ ਹਨ, ਜੋ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲੇ ਅਤੇ ਫਿਰਕੂ ਸਦਭਾਵਨਾ ਤੇ ਕਾਨੂੰਨ ਦਾ ਰਾਜ ਯਕੀਨੀ ਬਣਾਵੇ। ਇਹੀ ਕਾਰਨ ਹੈ ਕਿ ਲੋਕਾਂ ਨੇ ਅਕਾਲੀ ਦਲ ਤੇ ਬਸਪਾ ਗੱਠਜੋੜ ਨੂੰ ਸਰਕਾਰ ਬਣਾਉਣ ਲਈ ਚੁਣਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰੈਲੀ ਲਈ 100 ਏਕੜ ਥਾਂ ਨਿਸ਼ਚਿਤ ਕੀਤੀ ਗਈ ਹੈ ਤੇ ਮੁੱਖ ਪੰਡਾਲ 40 ਏਕੜ ਵਿਚ ਲਗਾਇਆ ਗਿਆ ਹੈ। ਰੈਲੀ ਵਾਲੀ ਥਾਂ ’ਤੇ ਫੋਟੋ ਪ੍ਰਦਰਸ਼ਨੀ ਲਗਾਈ ਗਈ ਹੈ, ਜਿਸ ਵਿਚ ਪਾਰਟੀ ਦਾ ਇਤਿਹਾਸ ਤੇ ਕੀਤੇ ਗਏ ਕੰਮਾਂ ਦਾ ਵੇਰਵਾ ਦਰਸਾਇਆ ਗਿਆ ਹੈ।