ਕੁਲਦੀਪ ਸਿੰਘ
ਚੰਡੀਗੜ੍ਹ, 13 ਦਸੰਬਰ
ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਯਤਨਸ਼ੀਲ ਮੁਲਾਜ਼ਮ ਜਥੇਬੰਦੀ ਸੀਪੀਐੱਫ਼ ਕਰਮਚਾਰੀ ਯੂਨੀਅਨ ਪੰਜਾਬ ਦਾ ਵਫ਼ਦ ਅੱਜ ਇੱਥੇ ਕਾਂਗਰਸ ਭਵਨ ਵਿਖੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੰਗ ਪੱਤਰ ਦੇਣ ਲਈ ਆਇਆ ਪਰ ਉਨ੍ਹਾਂ ਦੀ ਗੈਰ-ਮੌਜੂਦਗੀ ਕਾਰਨ ਦਫ਼ਤਰ ਵਿੱਚ ਕੋ-ਇੰਚਾਰਜ ਗੌਤਮ ਸੇਠ ਨੂੰ ਮੰਗ ਪੱਤਰ ਸੌਂਪਿਆ ਗਿਆ। ਜਥੇਬੰਦੀ ਦੇ ਪ੍ਰਧਾਨ ਸੁਖਜੀਤ ਸਿੰਘ ਸਮੇਤ ਗੁਰਮੇਲ ਵਿਰਕ, ਗੁਰਜੰਟ ਸਿੰਘ ਅਤੇ ਕਪਿਲ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਵਿਰੋਧੀ ਧਿਰ ਵਜੋਂ ਵਿਚਰ ਰਹੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਪ੍ਰਿਅੰਕਾ ਗਾਂਧੀ, ਰਾਹੁਲ ਗਾਂਧੀ, ਹਰੀਸ਼ ਰਾਵਤ ਅਤੇ ਭੁਪਿੰਦਰ ਹੁੱਡਾ ਆਦਿ ਵੱਲੋਂ ਬਿਆਨ ਦਿੱਤੇ ਜਾ ਰਹੇ ਹਨ ਕਿ ਉਨ੍ਹਾਂ ਸੂਬਿਆਂ ਵਿੱਚ ਕਾਂਗਰਸ ਦੀ ਸਰਕਾਰ ਬਣਨ ਉਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਜਾਵੇਗੀ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇੱਥੇ ਪੰਜਾਬ ਵਿੱਚ ਹੁਣ ਜਦੋਂ ਕਾਂਗਰਸ ਪਾਰਟੀ ਦੀ ਸਰਕਾਰ ਹੈ ਤਾਂ ਇੱਥੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਲਗਭਗ 50 ਤੋਂ ਵੱਧ ਮੌਜੂਦਾ ਵਿਧਾਇਕਾਂ ਨੇ ਪੰਜ ਮਹੀਨੇ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਉਦੋਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਰਧ-ਸਰਕਾਰੀ ਪੱਤਰ ਵੀ ਲਿਖੇ ਸਨ ਜਿਨ੍ਹਾਂ ਵਿੱਚੋਂ 24 ਦੇ ਕਰੀਬ ਕਾਂਗਰਸ ਦੇ ਮੌਜੂਦਾ ਵਿਧਾਇਕ ਵੀ ਸ਼ਾਮਿਲ ਸਨ ਪਰ ਹਾਲੇ ਤੱਕ ਵੀ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਇਸ ਮੁੱਦੇ ਉਤੇ ਚੁੱਪੀ ਧਾਰੀ ਬੈਠੀ ਹੈ। ਉਨ੍ਹਾਂ ਮੰਗ ਕੀਤੀ ਕਿ ਬਾਹਰੀ ਸੂਬਿਆਂ ਵਿੱਚ ਦਿੱਤੇ ਜਾ ਰਹੇ ਬਿਆਨਾਂ ਦੀ ਤਰਜ਼ ਉਤੇ ਪੰਜਾਬ ’ਚ ਆਪਣੀ ਸਰਕਾਰ ਹੁੰਦੇ ਹੋਏ ਕਾਂਗਰਸ ਪਾਰਟੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਕੇ ਮੁਲਾਜ਼ਮਾਂ ਨੂੰ ਰਾਹਤ ਦੇਵੇ।