ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਮਾਰਚ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਭਲਕੇ 10 ਜ਼ਿਲ੍ਹਿਆਂ ਵਿੱਚ ਮਹਿਲਾ ਦਿਵਸ ਮਨਾਇਆ ਜਾਵੇਗਾ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਹਰ ਜ਼ਿਲ੍ਹੇ ਦੇ ਆਗੂਆਂ ਵੱਲੋਂ ਖੇਤ ਮਜ਼ਦੂਰਾਂ ਤੇ ਹੋਰ ਅਗਾਂਹਵਧੂ ਜਥੇਬੰਦੀਆਂ ਦੇ ਆਗੂਆਂ ਨਾਲ ਤਾਲਮੇਲ ਰਾਹੀਂ ਔਰਤਾਂ ਦੇ ਵਿਸ਼ਾਲ ਇਕੱਠ ਕਰਨ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਔਰਤਾਂ ਦੀ ਸਮਾਜਿਕ ਆਰਥਿਕ ਬਰਾਬਰੀ ਅਤੇ ਜਮਹੂਰੀ ਹੱਕਾਂ ਲਈ ਸੰਘਰਸ਼ਾਂ ਦਾ ਝੰਡਾ ਹੋਰ ਉੱਚਾ ਚੁੱਕਣ ਦਾ ਅਹਿਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਔਰਤ ਦਿਵਸ ਦੇ ਇਨ੍ਹਾਂ ਸਮਾਗਮਾਂ ਦਾ ਮੰਚ ਸੰਚਾਲਨ ਖੁਦ ਔਰਤਾਂ ਵੱਲੋਂ ਹੀ ਕੀਤਾ ਜਾਵੇਗਾ। ਸਮਾਗਮਾਂ ਦੌਰਾਨ ਮਾਈ ਭਾਗੋ, ਗਦਰੀ ਗੁਲਾਬ ਕੌਰ, ਲੁਈਸ ਮਾਈਕਲ ਤੇ ਕਲਾਰਾ ਵਰਗੀਆਂ ਬਹਾਦਰ ਔਰਤਾਂ ਦੀ ਘਾਲਣਾ ਤੇ ਕੁਰਬਾਨੀਆਂ ਬਾਰੇ ਦੱਸਿਆ ਜਾਵੇਗਾ।