ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ, 16 ਜਨਵਰੀ
ਮੇਲਾ ਮਾਘੀ ਤਖ਼ਤੂਪੁਰਾ ਸਾਹਿਬ ਵਿੱਚ 40 ਮੁਕਤਿਆਂ ਦੀ ਯਾਦ ’ਚ ਸਾਲਾਨਾ ਜੋੜ ਮੇਲੇ ’ਤੇ ਦਿੱਲੀ ਕਿਸਾਨ ਅੰਦੋਲਨ ਨੂੰ ਸਮਰਪਿਤ ਭਾਰਤੀ ਕਿਸਾਨ ਯੁੂਨੀਅਨ ਏਕਤਾ (ਡਕੌਂਦਾ) ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਾਨਫਰੰਸ ਦੌਰਾਨ ਮੰਚ ਤੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕਿਸਾਨ ਅੰਦੋਲਨ ਸਿਖ਼ਰਾਂ ’ਤੇ ਪਹੁੰਚ ਕੇ ਆਪਣੀ ਜਿੱਤ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਕੁਝ ਫਿਰਕੂ ਤਾਕਤਾਂ ਇਸ ਅੰਦੋਲਨ ਨੂੰ ਤਾਰਪੀਡੋ ਕਰਨਾ ਚਾਹੁੰਦੀਆਂ ਹਨ, ਜਿਸ ਕਾਰਨ ਉਥੇ ਚੌਕਸੀ ਵਰਤਣ ਦੀ ਲੋੜ ਹੈ। ਜੇਕਰ ਅਸੀਂ ਇਕਜੁੱਟਤਾ ਨਾਲ ਕੇਂਦਰ ਸਰਕਾਰ ਨਾਲ ਟੱਕਰ ਲਵਾਂਗੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਅਸੀਂ ਇਸ ਇਤਿਹਾਸਕ ਅੰਦੋਲਨ ਦੀ ਲੜਾਈ ਵਿਚੋਂ ਸਫ਼ਲ ਹੋ ਕੇ ਨਿਕਲਾਂਗੇ। ਇਸ ਮੌਕੇ ਉਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਨੂੰ 26 ਦੀ ਪਰੇਡ ਵਿੱਚ ਟਰੈਕਟਰ ਲੈ ਕੇ ਪੁੱਜਣ ਦੀ ਵੀ ਅਪੀਲ ਕੀਤੀ ਤਾਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਜੜ੍ਹਾਂ ਪੁੱਟੀਆਂ ਜਾ ਸਕਣ। ਉਨ੍ਹਾਂ ਕਿਹਾ ਕਿ 26 ਦੀ ਪਰੇਡ ਵੀ ਸ਼ਾਂਤਮਈ ਹੋਵੇਗੀ।
ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਰਾਜੂ ਰਾਮਾ, ਗੁਰਦੁਆਰਾ ਤਖ਼ਤੂਪੁਰਾ ਸਾਹਿਬ ਦੇ ਮੈਨੇਜਰ ਭਾਈ ਰਜਿੰਦਰ ਸਿੰਘ, ਡਾ. ਹਰਗੁਰਪ੍ਰਤਾਪ ਸਿੰਘ, ਡਾ. ਗੁਰਮੇਲ ਸਿੰਘ ਮਾਛੀਕੇ, ਜੀਵਨ ਸਿੰਘ ਬਿਲਾਸਪੁਰ, ਐਡਵੋਕੇਟ ਕਰਨਵੀਰ ਕੌਰ ਤੇ ਸਕੱਤਰ ਗੁਰਚਰਨ ਸਿੰਘ ਰਾਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਨਾਟਕ ਮੰਡਲੀ ਮੁੱਲਾਂਪੁਰ ਦੇ ਕਲਾਕਾਰਾਂ ਨੇ ਨਾਟਕਾਂ ਅਤੇ ਗੀਤਾਂ ਰਾਹੀਂ ਕਿਸਾਨਾਂ ਮਜ਼ਦੂਰਾਂ ਨੂੰ ਦਿੱਲੀ ਜਾਣ ਲਈ ਲਾਮਬੰਦ ਕੀਤਾ।