ਆਤਿਸ਼ ਗੁਪਤਾ
ਚੰਡੀਗੜ੍ਹ, 14 ਜਨਵਰੀ
ਉੱਤਰੀ ਭਾਰਤ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਅਤੇ ਸੀਤ ਲਹਿਰ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਲੰਘੀ ਰਾਤ ਤੋਂ ਚਲ ਰਹੀਆਂ ਠੰਢੀਆਂ ਹਵਾਵਾਂ ਕਰਕੇ ਚੰਡੀਗੜ੍ਹ ਸ਼ਿਮਲਾ ਨਾਲੋਂ ਠੰਢਾ ਰਿਹਾ ਹੈ। ਦਿਨ ਦਾ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਡਿੱਗ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਧੁੰਦ ਅਤੇ ਠੰਢ ਵਧੇਗੀ।
ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 17.7 ਡਿਗਰੀ ਸੈਲਸੀਅਸ ਦਰਜ ਕੀਤਾ ਕੀਤਾ ਹੈ ਜੋ ਆਮ ਨਾਲੋਂ 3 ਡਿਗਰੀ ਘੱਟ ਸੀ ਅਤੇ ਘੱਟ ਤੋਂ ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਆਮ ਨਾਲੋਂ 1 ਡਿਗਰੀ ਸੈਲਸੀਅਸ ਹੇਠਾਂ ਡਿੱਗ ਗਿਆ ਹੈ। ਉੱਧਰ ਸ਼ਿਮਲਾ ਦਾ ਵੱਧ-ਵੱਧ ਤਾਪਮਾਨ 16.6 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਪਾਰਾ 6.1 ਡਿਗਰੀ ਸੈਲਸੀਅਸ ਸੀ ਜੋ ਆਮ ਨਾਲੋਂ 3 ਡਿਗਰੀ ਹੇਠਾਂ ਥੱਲੇ ਡਿੱਗ ਗਿਆ ਹੈ।
ਸਵੇਰ ਤੋਂ ਪੈ ਰਹੀ ਸੰਘਣੀ ਧੁੰਦ ਤੋਂ ਬਾਅਦ ਦੁਪਹਿਰ ਸਮੇਂ ਨਿਕਲੀ ਧੁੱਪ ਕਰਕੇ ਲੋਕਾਂ ਨੇ ਕੁਝ ਰਾਹਤ ਮਹਿਸੂਸ ਕੀਤੀ ਹੈ ਜਿਸ ਨਾਲ ਸੁਖਨੀ ਝੀਲ, ਰੌਕ ਗਾਰਡਨ, ਰੋਜ਼ ਗਾਰਡਨ ਸਣੇ ਸ਼ਹਿਰ ਵਿੱਚ ਘੁੰਮਣ ਵਾਲੀਆਂ ਥਾਵਾਂ ’ਤੇ ਲੋਕਾਂ ਦੀ ਭੀੜ ਦਿਖਾਈ ਦਿੱਤੀ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਪਈ ਬਰਫ਼ਬਾਰੀ ਕਰਕੇ ਪੰਜਾਬ ਅਤੇ ਹਰਿਆਣਾ ਦੇ ਇਲਾਕਿਆਂ ਵਿੱਚ ਵੀ ਠੰਢ ਵਧ ਗਈ ਹੈ।