ਲਖਵੀਰ ਸਿੰਘ ਚੀਮਾ
ਟੱਲੇਵਾਲ, 12 ਜਨਵਰੀ
ਭਾਰਤ ਸਰਕਾਰ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਬਠਿੰਡਾ-ਲੁਧਿਆਣਾ ਗ੍ਰੀਨ ਫੀਲਡ ਹਾਈਵੇਅ ਬਣਾਇਆ ਜਾ ਰਿਹਾ ਹੈ। ਇਸ ਤਹਿਤ ਬਰਨਾਲਾ ਜ਼ਿਲ੍ਹੇ ਦੇ 10 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ ਪਰ ਕਿਸਾਨਾਂ ਨੇ ਆਪਣੀ ਜ਼ਮੀਨ ਨਾ ਦੇਣ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਹ ਹਾਈਵੇਅ ਬਠਿੰਡਾ ਤੋਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਬੱਲੋਕੇ, ਸੰਧੂਕਲਾਂ, ਸ਼ਹਿਣਾ, ਵਿਧਾਤਾ, ਟੱਲੇਵਾਲ, ਰਾਮਗੜ੍ਹ, ਬੀਹਲਾ, ਗਹਿਲ, ਮੂੰਮ ਅਤੇ ਗਾਗੇਵਾਲ ਤੋਂ ਹੁੰਦੇ ਹੋਏ ਲੁਧਿਆਣਾ ਜ਼ਿਲ੍ਹੇ ਵਿੱਚ ਦਾਖ਼ਲ ਹੋਵੇਗਾ। ਸਰਕਾਰ ਦੇ ਨੋਟੀਫ਼ਿਕੇਸ਼ਨ ਤੋਂ ਬਾਅਦ ਇਨ੍ਹਾਂ 10 ਪਿੰਡਾਂ ਦੇ ਕਿਸਾਨਾਂ ਵੱਲੋਂ ਇਸ ਵਿਰੁੱਧ ਲਾਮਬੰਦੀ ਤੇਜ਼ ਕਰ ਦਿੱਤੀ ਗਈ ਹੈ।
ਇਸ ਸਬੰਧੀ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਉਗਰਾਹਾਂ ਦੀ ਅਗਵਾਈ ਹੇਠ ਪਿੰਡ ਗਹਿਲ ਦੇ ਗੁਰਦੁਆਰਾ ਭਗਤੂਆਣਾ ਸਾਹਿਬ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਚਮਕੌਰ ਸਿੰਘ ਨੈਣੇਵਾਲ ਅਤੇ ਮਿੱਤਰਪਾਲ ਸਿੰਘ ਗਾਗੇਵਾਲ ਨੇ ਕਿਹਾ ਕਿ ਸਰਕਾਰ ਨੇ ਪੰਜਾਬ ਦੀ ਖੇਤੀ ਯੋਗ ਉਪਜਾਊ ਜ਼ਮੀਨ ’ਤੇ ਸੜਕਾਂ ਬਣਾਉਣ ਦਾ ਫ਼ੈਸਲਾ ਲਿਆ ਹੈ, ਜਿਸ ਦਾ ਉਹ ਵਿਰੋਧ ਕਰਦੇ ਹਨ। ਉਨ੍ਹਾਂ ਐਲਾਨ ਕੀਤਾ ਕਿ ਜ਼ਿਲ੍ਹੇ ਦੇ ਕਿਸੇ ਵੀ ਪਿੰਡ ਦੇ ਕਿਸਾਨ ਦੀ ਜ਼ਮੀਨ ਇਸ ਹਾਈਵੇਅ ਲਈਂ ਨਹੀਂ ਦਿੱਤੀ ਜਾਵੇਗੀ। ਆਗੂਆਂ ਨੇ ਦੱਸਿਆ ਕਿ ਜ਼ਮੀਨਾਂ ਨਾ ਦੇਣ ਸਬੰਧੀ ਇਤਰਾਜ਼ ਦੇ ਤੌਰ ’ਤੇ ਕਿਸਾਨਾਂ ਵੱਲੋਂ ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੀ ਲੜਾਈ ਦੇ ਨਾਲ ਨਾਲ ਕਿਸਾਨ ਇਸ ਹਾਈਵੇਅ ਦਾ ਵੀ ਵਿਰੋਧ ਕਰਨਗੇ। ਇਸ ਮੌਕੇ ਹਰਜੀਤ ਸਿੰਘ, ਸੁਦਾਗਰ ਸਿੰਘ ਗਾਗੇਵਾਲ, ਨਿਸ਼ਾਨ ਸਿੰਘ ਭੋਲਾ, ਜਗਸੀਰ ਸਿੰਘ ਰਾਜਾ, ਗੁਰਮੀਤ ਸਿੰਘ, ਦਰਸ਼ਨ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।