ਸੰਯੁਕਤ ਰਾਸ਼ਟਰ, 5 ਦਸੰਬਰ
ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਤੋਨੀਓ ਗੁਟੇਰੇਜ਼ ਨੇ ਭਾਰਤ ਵਿੱਚ ਜਾਰੀ ਕਿਸਾਨ ਅੰਦੋਲਨ ਦੇ ਵਿਸ਼ੇ ਵਿੱਚ ਕਿਹਾ ਕਿ ਲੋਕਾਂ ਨੂੰ ਸ਼ਾਂਤੀਪੂਰਨ ਮੁਜ਼ਾਹਰਾ ਕਰਨ ਦਾ ਅਧਿਕਾਰ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਣਾ ਨਹੀਂ ਚਾਹੀਦਾ। ਭਾਰਤ ਨੇ ਕਿਸਾਨਾਂ ਦੇ ਮੁਜ਼ਾਹਰੇ ਸਬੰਧੀ ਵਿਦੇਸ਼ੀ ਨੇਤਾਵਾਂ ਦੀਆਂ ਟਿੱਪਣੀਆਂ ਨੂੰ ‘ਭੁਲੇਖਾਪਾਊ ਅਤੇ ਗੈਰ ਜ਼ਰੂਰੀ’ ਦੱਸਿਆ ਅਤੇ ਕਿਹਾ ਕਿ ਇਹ ਇਕ ਜ਼ਮਹੂਰੀ ਮੁਲਕ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਵਿਸ਼ਾ ਹੈ। ਜਨਰਲ ਸਕੱਤਰ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ , ‘‘ ਜਿਥੋਂ ਤਕ ਭਾਰਤ ਦਾ ਸਵਾਲ ਹੈ ਤਾਂ ਮੈਂ ਉਹੀ ਕਹਿਣਾ ਚਾਹੁੰਦਾ ਹਾਂ ਜੋ ਮੈਂ ਅਜਿਹੇ ਮੁੱਦੇ ਚੁੱਕਣ ਵਾਲੇ ਹੋਰਨਾਂ ਲੋਕਾਂ ਨੂੰ ਕਹਿੰਦਾ ਹਾਂ। ਇਹ ਕਿ ਲੋਕਾਂ ਨੂੰ ਸ਼ਾਂਤੀਪੂਰਨ ਮੁਜ਼ਾਹਰਾ ਕਰਨ ਦਾ ਅਧਿਕਾਰ ਹੈ। ’’ ਦਜਾਰਿਕ ਭਾਰਤ ਵਿੱਚ ਕਿਸਾਨ ਅੰਦੋਲਨ ਨਾਲ ਜੁੜੇ ਮੁੱਦੇ ’ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਸਨ। -ਏਜੰਸੀ