ਸ੍ਰੀਨਗਰ: ਜੰਮੂ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ’ਚ ਸੁਰੱਖਿਆ ਬਲਾਂ ਵੱਲੋਂ ਅੱਜ ਜੈਸ਼-ਏ-ਮੁਹੰਮਦ ਦੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਫ਼ੌਜ ਤੇ ਸੀਆਰਪੀਐੱਫ ਨਾਲ ਮਿਲ ਕੇ ਅਵੰਤੀਪੁਰਾ ਖੇਤਰ ’ਚੋਂ ਪਾਬੰਦੀਸ਼ੁਦਾ ਜਥੇਬੰਦੀ ਜੈਸ਼-ਏ-ਮੁਹੰਮਦ ਨਾਲ ਸਬੰਧਤ ਦੋ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਅਤਿਵਾਦੀ ਹੋਰ ਅਤਿਵਾਦੀਆਂ ਨੂੰ ਪਨਾਹ ਤੇ ਸਮਰਥਨ ਦਿੰਦੇ ਸਨ। ਅਧਿਕਾਰੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜ਼ਿਲ੍ਹੇ ਦੇ ਅਵਾਂਤੀਪੁਰਾ ਤੇ ਤ੍ਰਾਲ ਖੇਤਰਾਂ ਵਿੱਚ ਅਤਿਵਾਦੀਆਂ ਨੂੰ ਹਥਿਆਰ ਤੇ ਗੋਲਾ-ਬਾਰੂਦ ਵੀ ਪਹੁੰਚਾਉਂਦੇ ਸਨ ਅਤੇ ਜੈਸ਼-ਏ-ਮੁਹੰਮਦ ਦੇ ਅਤਿਵਾਦੀਆਂ ਨੂੰ ਸੰਵੇਦਨਸ਼ੀਲ ਜਾਣਕਾਰੀ ਦਿੰਦੇ ਸਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ੇਜ਼ਾਨ ਗੁਲਜ਼ਾਰ ਬੇਗ਼ ਤੇ ਵਸੀਮ-ਉਲ-ਰਹਿਮਾਨ ਸ਼ੇਖ ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਦੋਹਾਂ ਕੋਲੋਂ ਧਮਾਕਾਖੇਜ਼ ਸਮੱਗਰੀ ਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। -ਪੀਟੀਆਈ