ਰਵੇਲ ਸਿੰਘ ਭਿੰਡਰ
ਪਟਿਆਲਾ, 10 ਜਨਵਰੀ
ਸਰਵ ਸਿੱਖਿਆ ਅਭਿਆਨ ਮਿੱਡ-ਡੇਅ ਮੀਲ ਦੇ ਦਫ਼ਤਰੀ ਕਰਮਚਾਰੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਦੇ ਹੱਕ ’ਚ ਨਿਊ ਮੋਤੀ ਬਾਗ ਪੈਲੇਸ ਵੱਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਾਈਪੀਐੱਸ ਚੌਕ ’ਚ ਵੱਡੀ ਗਿਣਤੀ ਤਾਇਨਾਤ ਪੁਲੀਸ ਨੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ ਤੇ ਇੱਥੇ ਹੀ ਸਬੰਧਿਤ ਅਧਿਕਾਰੀਆਂ ਵੱਲੋਂ ਮੰਗ ਪੱਤਰ ਹਾਸਿਲ ਕਰਕੇ ਪ੍ਰਦਰਸ਼ਨਕਾਰੀ ਕਰਮਚਾਰੀਆਂ ਨੂੰ 12 ਜਨਵਰੀ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਓਐੱਸਡੀ ਐੱਮ.ਪੀ. ਸਿੰਘ ਨਾਲ ਦੁਵੱਲੀ ਬੈਠਕ ਤੈਅ ਕਰਵਾਈ ਗਈ, ਜਿਸ ਜਾਣ ਮਗਰੋਂ ਪ੍ਰਦਰਸ਼ਨ ਸਮਾਪਤ ਕੀਤਾ ਗਿਆ। ਇਸ ਰੋਸ ਪ੍ਰਰਦਸ਼ਨ ’ਚ ਵੱਡੀ ਗਿਣਤੀ ਮਹਿਲਾਵਾਂ ਤੇ ਬੱਚਿਆਂ ਨੇ ਵੀ ਸ਼ਿਰਕਤ ਕੀਤੀ। ਪ੍ਰਦਰਸ਼ਨਕਾਰੀਆਂ ਦਾ ਸ਼ਿਕਵਾ ਸੀ ਕਿ ਸਰਕਾਰ ਪਿਛਲੇ ਦਸ ਪੰਦਰਾਂ ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਬਜਾਏ ਮੁਲਾਜ਼ਮਾਂ ਦੀਆਂ ਜਬਰੀ ਬਦਲੀਆਂ ਕਰਨ ਦੇ ਰਾਹ ਪਈ ਹੋਈ ਹੈ ਅਤੇ ਬਦਲੀਆਂ ਵੀ ਦੂਰ-ਦੁਰਾਡੇ ਕੀਤੀਆਂ ਜਾ ਰਹੀਆਂ ਹਨ। ਪ੍ਰਦਰਸ਼ਨਕਾਰੀਆਂ ਨੇ ਆਖਿਆ ਕਿ ਉਹ ਆਪਣੇ ਬੱਚੇ ਮੋਤੀ ਮਹਿਲ ਕੋਲ ਛੱਡਣ ਆਈਆਂ ਹਨ ਕਿਉਂਕਿ ਸਰਕਾਰ ਨੇ ਜੋ ਉਨ੍ਹਾਂ ਦਾ ਹਾਲ ਕੀਤਾ ਹੈ ਉਹ ਤਰਸਯੋਗ ਹੈ, ਘੱਟ ਵੇਤਨ ਅਤੇ ਘਰੋਂ ਦੂਰ ਦੁਰਾਡੇ ਹੋਣ ਕਾਰਨ ਉਹ ਆਪਣੇ ਬੱਚੇ ਪਾਲਣ ਤੋਂ ਅਸਮਰਥ ਹਨ। ਉਨ੍ਹਾਂ ਆਖਿਆ ਕਿ ਸਰਵ ਸਿੱਖਿਆ ਅਭਿਆਨ ’ਚ ਵੱਡੀ ਗਿਣਤੀ ਕੱਚੇ ਮੁਲਾਜ਼ਮ ਹਨ, ਜਿਨ੍ਹਾਂ ਦੀ ਪੱਕੇ ਮੁਲਾਜ਼ਮਾਂ ਵਾਂਗ ਨਾ ਤਾਂ ਨੌਕਰੀ ਸੁਰੱਖਿਅਤ ਹੈ ਤੇ ਨਾ ਹੀ ਇੰਨਾ ਮੁਲਾਜ਼ਮਾਂ ਨੂੰ ਰਹਿਣ ਦਾ ਭੱਤਾ, ਮੈਡੀਕਲ ਭੱਤਾ ਜਾਂ ਕੋਈ ਹੋਰ ਸਰਕਾਰੀ ਸਹੂਲਤ ਦਿੱਤੀ ਜਾਂਦੀ ਹੈ। ਇਸ ਮੌਕੇ ਜਥੇਬੰਦੀ ਦੇ ਸੂਬਾ ਆਗੂ ਆਸ਼ੀਸ਼ ਜੁਲਾਹਾ, ਪਰਵੀਨ ਸ਼ਰਮਾ ਹਰਪ੍ਰੀਤ ਸਿੰਘ, ਰਾਜਿੰਦਰ ਸਿੰਘ, ਹਰਦੇਵ ਸਿੰਘ, ਦਵਿੰਦਰ ਸਿੰਘ ਆਦਿ ਨੇ ਕਿਹਾ ਕਿ ਸਿੱਖਿਆ ਮੰਤਰੀ ਨਾਲ ਕਈ ਵਾਰ ਮੀਟਿੰਗ ਹੋ ਚੁੱਕੀਆ ਹਨ ਪਰ ਉਹ ਢਾਈ ਸਾਲ ਤੋਂ ਮੁਲਾਜ਼ਮਾਂ ਨੂੰ ਲਾਰੇ ਲਗਾ ਰਹੇ ਹਨ।