ਬੀ ਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 7 ਫਰਵਰੀ
ਕਾਂਗਰਸ ਹਾਈ ਕਮਾਂਡ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮੰਦਰ ਮਾਤਾ ਨੈਣਾ ਦੇਵੀ ਨਤਮਸਤਕ ਹੋਏ। ਮਿੱਥੇ ਸਮੇਂ ਤੋਂ ਤਕਰੀਬਨ ਡੇਢ ਘੰਟਾ ਲੇਟ ਆਨੰਦਪੁਰ ਸਾਹਿਬ ਪਹੁੰਚੇ ਚੰਨੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕ ਕੇ ਕੁਝ ਦੇਰ ਕੀਰਤਨ ਸੁਣਿਆ। ਆਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਾਣਾ ਕੇਪੀ ਸਿੰਘ ਵੀ ਉਨ੍ਹਾਂ ਨਾਲ ਸਨ।
ਮੱਥਾ ਟੇਕਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਦਾਅਵਾ ਕੀਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੋ ਤਿਹਾਈ ਸੀਟਾਂ ਲੈ ਕੇ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਆਨੰਦਪੁਰ ਸਾਹਿਬ ਗੁਰੂਆਂ-ਪੀਰਾਂ ਦੀ ਧਰਤੀ ਹੈ, ਜਿੱਥੇ ਹਰ ਇੱਕ ਵਿਅਕਤੀ ਦਾ ਸਿਰ ਝੁਕਦਾ ਹੈ। ਸਰਕਾਰ ਬਣਨ ’ਤੇ ਇਸ ਇਤਿਹਾਸਕ ਸ਼ਹਿਰ ਨੂੰ ਆਈਟੀ ਹੱਬ ਵਜੋਂ ਉਭਾਰਿਆ ਜਾਵੇਗਾ। ਰਾਣਾ ਕੇਪੀ ਸਿੰਘ ਵੱਲ ਇਸ਼ਾਰਾ ਕਰਦਿਆਂ ਚੰਨੀ ਨੇ ਕਿਹਾ ਕਿ ਇਸ ਹਲਕੇ ਤੋਂ ਜਿੱਤ ਕੇ ਵਿਧਾਇਕ ਬਣਨ ਵਾਲੇ ਆਗੂ ਨੂੰ ਸਰਕਾਰ ਵਿੱਚ ਯੋਗ ਥਾਂ ਦੇ ਕੇ ਨਿਵਾਜਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਬੰਸ ਲਾਲ ਮਹਿੰਦਲੀ, ਸੁਖਵਿੰਦਰ ਸਿੰਘ ਵਿਸਕੀ, ਵਪਾਰ ਮੰਡਲ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗੰਡਾ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।
ਮੁੱਖ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਨੇ ਨਹੀਂ ਦਿੱਤਾ ਸਿਰੋਪਾਓ
ਸ੍ਰੀ ਆਨੰਦਪੁਰ ਸਾਹਿਬ (ਟ੍ਰਿਬਿਊਨ ਨਿਊਜ਼ ਸਰਵਿਸ): ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਨਹੀਂ ਦਿੱਤਾ ਗਿਆ। ਇਸ ਦੌਰਾਨ ਉੱਥੇ ਮੌਜੂਦ ਗ੍ਰੰਥੀ ਸਿੰਘ ਵੱਲੋਂ ਪਤਾਸਿਆਂ ਦਾ ਪ੍ਰਸ਼ਾਦ ਦਿੱਤਾ ਗਿਆ ਜਿਸ ਨੂੰ ਮੁੱਖ ਮੰਤਰੀ ਨੇ ਝੋਲੀ ਅੱਡ ਕੇ ਲਿਆ। ਇਸ ਸਬੰਧੀ ਜਦੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਸਿਰੋਪਾਓ ਨਾ ਦੇਣ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਨਿਯਮਾਂ ਅਨੁਸਾਰ ਹੀ ਪਤਾਸਿਆਂ ਦਾ ਪ੍ਰਸ਼ਾਦ ਦਿੱਤਾ ਗਿਆ ਹੈ।
ਚੰਨੀ ਗੁਰਦੁਆਰਾ ਕਤਲਗੜ੍ਹ ਸਾਹਿਬ ਹੋਏ ਨਤਮਸਤਕ
ਚਮਕੌਰ ਸਾਹਿਬ (ਸੰਜੀਵ ਬੱਬੀ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਮੱਥਾ ਟੇਕ ਕੇ ਪੰਜਾਬੀਆਂ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਆਪਣੇ ਪਰਿਵਾਰਕ ਮੈਂਬਰਾਂ ਅਤੇ ਵੱਡੀ ਗਿਣਤੀ ਸਮਰਥਕਾਂ ਨਾਲ ਗੁਰੂ ਘਰ ਪੁੱਜੇ ਚੰਨੀ ਨੇ ਰੁਮਾਲਾ ਸਾਹਿਬ ਤੇ ਦੇਗ ਭੇਟ ਕੀਤੀ। ਮੱਥਾ ਟੇਕਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਸਿਹਤ, ਸਿੱਖਿਆ ਅਤੇ ਬੇਰੁਜ਼ਗਾਰੀ ਦੀ ਸਮੱਸਿਆ ਹੱਲ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ। ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਦੇ ਨਾਲ ਅੰਗਰੇਜ਼ੀ ਮੀਡੀਅਮ ਵਿੱਚ ਪੜ੍ਹਾਈ ਕਰਵਾਈ ਜਾਵੇਗੀ। ਕਿਸੇ ਵੀ ਵਿਸ਼ੇ ਦੀ ਪੋਸਟ ਖਾਲੀ ਨਹੀਂ ਰਹਿਣ ਦਿੱਤੀ ਜਾਵੇਗੀ। ਐੱਸਸੀ-ਬੀਸੀ ਜਾਤੀਆਂ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮ ਬਿਹਤਰ ਬਣਾ ਕੇ ਜਨਰਲ ਵਰਗ ਦੇ ਵਿਦਿਆਰਥੀ ਵੀ ਇਸ ਦੇ ਘੇਰੇ ਵਿਚ ਲਿਆਂਦੇ ਜਾਣਗੇ। ਵਿਰੋਧੀਆਂ ਵੱਲੋਂ ਮਾਫੀਆ ਸਬੰਧੀ ਲਾਏ ਜਾ ਰਹੇ ਦੋਸ਼ਾਂ ’ਤੇ ਚੰਨੀ ਨੇ ਕਿਹਾ ਕਿ ਚਮਕੌਰ ਸਾਹਿਬ ਦੇ ਲੋਕ ਉਨ੍ਹਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਡੇਰਾ ਸਿਰਸਾ ਮੁਖੀ ਨੂੰ ਮਿਲੀ ਪੈਰੋਲ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ’ਤੇ ਇਸ ਦਾ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਪੰਜਾਬ ਦੇ ਲੋਕ ਸੂਬੇ ਵਿੱਚ ਕਾਂਗਰਸ ਦੀ ਸਥਿਰ ਸਰਕਾਰ ਬਣਾਉਣ ਲਈ ਮਨ ਬਣਾਈ ਬੈਠੇ ਹਨ।