ਸੁਭਾਸ਼ ਜੋਸ਼ੀ
ਬਲਾਚੌਰ, 9 ਜਨਵਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ।
ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਹਲਕਾ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਪੰਜਾਬ ਲਾਰਜ ਸਕੇਲ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦੀ ਮੌਜੂਦਗੀ ਵਿਚ ਸੜੋਆ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਗਰਾਂਟਾਂ ਦੇ ਚੈੱਕ ਵੀ ਦਿੱਤੇ। ਤਿਵਾੜੀ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਹਰੇਕ ਪਿੰਡ ਵਿੱਚ ਸੜਕਾਂ, ਗਲੀਆਂ, ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਜਲ ਸਪਲਾਈ, ਸਟਰੀਟ ਲਾਈਟਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਦਿਲ ਖੋਲ੍ਹ ਕੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਦੌਰਾਨ ਉਨ੍ਹਾਂ ਸੜੋਆ ਬਲਾਕ ਦੇ ਪਿੰਡਾਂ ਕਰੀਮਪੁਰ ਚਾਹਵਾਲਾ, ਚਾਂਦਪੁਰ ਰੁਡਕੀ ਕਲਾਂ ਅਤੇ ਮਜਾਰੀ ਵਿੱਚ 26 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕਰਨ ਤੋਂ ਇਲਾਵਾ ਉਨ੍ਹਾਂ ਨੂੰ 28.45 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੀ ਸੌਂਪੇ। ਇਸ ਮੌਕੇ ਉਨ੍ਹਾਂ ਪਿੰਡ ਕਰੀਮਪੁਰ ਚਾਹਵਾਲਾ ਵਿਖੇ ਗਲੀਆਂ-ਨਾਲੀਆਂ ਅਤੇ ਗੰਦੇ ਪਾਣੀ ਦੇ ਨਿਕਾਸ ਲਈ 5.65 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦੀ ਸ਼ੁਰੂਆਤ ਕੀਤੀ ਅਤੇ ਪੰਚਾਇਤ ਨੂੰ 9.98 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਿਆ। ਇਸੇ ਤਰ੍ਹਾਂ ਪਿੰਡ ਚਾਂਦਪੁਰ ਰੁੜਕੀ ਕਲਾਂ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਅਤੇ ਪੰਚਾਇਤ ਨੂੰ 9.98 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਮਜਾਰੀ ਵਿੱਚ 5.42 ਲੱਖ ਰੁਪਏ ਦੀ ਲਾਗਤ ਵਾਲੇ ਗੰਦੇ ਪਾਣੀ ਦੇ ਨਿਕਾਸੀ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਅਤੇ ਪੰਚਾਇਤ ਨੂੰ 8.49 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ। ਉਨ੍ਹਾਂ ਤਾਕੀਦ ਕੀਤੀ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਗਈਆਂ ਗਰਾਂਟਾਂ ਦੀ ਵਰਤੋਂ ਸੁਚੱਜੇ ਢੰਗ ਨਾਲ ਕੀਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈੈਂਸ, ਐੱਸਡੀਐੱਮ ਬਲਾਚੌਰ ਦੀਪਕ ਰੁਹੇਲਾ, ਬੀਡੀਪੀਓ ਧਰਮ ਪਾਲ, ਬਲਾਕ ਸਮਿਤੀ ਦੇ ਚੇਅਰਮੈਨ ਗੌਰਵ ਵਿੱਕੀ, ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਹਰਜੀਤ ਜਾਡਲੀ, ਜ਼ਿਲ੍ਹਾ ਯੂਥ ਪ੍ਰਧਾਨ ਹੀਰਾ ਖੇਪੜ, ਰਜਿੰਦਰ ਸਿੰਘ ਸ਼ਿੰਦੀ, ਸਰਪੰਚ ਸੁੱਚਾ ਸਿੰਘ, ਸਰਪੰਚ ਬਿੰਦਰ ਸਿੰਘ, ਅਜੀਤ ਸਿੰਘ, ਨੰਦ ਲਾਲ, ਅਵਤਾਰ ਸਿੰਘ ਮਾਜਰੀ ਅਤੇ ਸਬੰਧਤ ਇਲਾਕਿਆਂ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ।