ਮਥੁਰਾ, 9 ਜਨਵਰੀ
ਕਰੋਨਾ ਵਾਇਰਸ ਟੀਕਾਕਰਨ ਬਾਰੇ ਚੱਲ ਰਹੀ ਸਿਆਸੀ ਬਿਆਨਬਾਜ਼ੀ ਦੌਰਾਨ ਬਿਹਾਰ ਦੇ ਸਾਬਕਾ ਸਿਹਤ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜ ਪ੍ਰਤਾਪ ਯਾਦਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਭ ਤੋਂ ਪਹਿਲਾਂ ਕਰੋਨਾ ਟੀਕਾ ਲਗਵਾਉਣਾ ਚਾਹੀਦਾ ਹੈ, ਜਿਸ ਨਾਲ ਦੇਸ਼ ਨੂੰ ਚੰਗਾ ਸੁਨੇਹਾ ਜਾਵੇਗਾ। ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦਾ ਵੱਡਾ ਬੇਟਾ ਇਨ੍ਹੀਂ ਦਿਨੀਂ ਬ੍ਰਜ ਦੀ ਧਰਤੀ ਦਾ ਦੌਰਾ ਕਰ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲਾਂ ਕਰੋਨਾ ਰੋਕੂ ਟੀਕਾ ਲਗਵਾਉਣਾ ਚਾਹੀਦਾ ਹੈ, ਜਿਸ ਨਾਲ ਟੀਕਾਕਰਨ ਬਾਰੇ ਸੁਆਲ ਖਤਮ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜੇ ਮੋਦੀ ਖੁਦ ਟੀਕਾ ਲਗਵਾਉਂਦੇ ਹਨ ਤਾਂ ਉਹ ਅਤੇ ਉਨ੍ਹਾਂ ਦੇ ਪਿਤਾ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਵੀ ਟੀਕਾਕਰਨ ਕਰਾਉਣਗੇ। ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਤੇਜ ਪ੍ਰਤਾਪ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਹਿੱਤ ਵਿੱਚ ਕੰਮ ਕਰਨਾ ਚਾਹੀਦਾ ਹੈ ਪਰ ਇਹ ਸਰਕਾਰ ਅਜਿਹਾ ਨਹੀਂ ਕਰ ਰਹੀ। ਉਨ੍ਹਾਂ ਦੋਸ਼ ਲਾਇਆ, “ਖੇਤੀਬਾੜੀ ਸਬੰਧੀ ਤਿੰਨੋਂ ਕਾਨੂੰਨ ਕਿਸਾਨਾਂ ਦੇ ਫਾਇਦੇ ਲਈ ਨਹੀਂ ਬਲਕਿ ਉਨ੍ਹਾਂ ਨੂੰ ਮਜ਼ਦੂਰ ਬਣਾਉਣ ਲਈ ਲਿਆਂਦੇ ਗਏ ਹਨ। ਇਨ੍ਹਾਂ ਕਾਨੂੰਨਾਂ ਨਾਲ ਵੱਡੇ ਉਦਯੋਗਾਂ ਅਤੇ ਕਾਰੋਬਾਰਾਂ ਨੂੰ ਚਲਾਉਣ ਵਾਲੇ ਲੋਕ ਖੇਤੀਬਾੜੀ ’ਤੇ ਵੀ ਕਬਜ਼ਾ ਕਰ ਲੈਣਗੇ।