ਪੱਤਰ ਪ੍ਰੇਰਕ
ਪਟਿਆਲਾ, 6 ਜਨਵਰੀ
ਪਟਿਆਲਾ ਸ਼ਹਿਰੀ ਦੇ ਮੁੱਖ ਆਗੂ ਕੁੰਦਨ ਗੋਗੀਆ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ ਦੇ ਆਗੂਆਂ ਅਤੇ ਵਲੰਟੀਅਰਾਂ ਨੇ ਕਿਸਾਨ ਸੰਘਰਸ਼ ਦੇ ਸਬੰਧ ਵਿਚ ਸ਼ਹਿਰ ਦੇ ਬਾਜ਼ਾਰਾਂ ਵਿਚ ਲੋਕਾਂ ਨੂੰ ਜਾਗਰੂਕ ਕੀਤਾ ਤੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਸਮਝਾਉਂਦਿਆਂ ਕਿਹਾ ਕਿ ਖੇਤੀ ਦੇ ਕਾਲੇ ਕਾਨੂੰਨ ਸਿਰਫ਼ ਕਿਸਾਨ ਵਿਰੋਧੀ ਨਹੀਂ ਹਨ ਇਹ ਤਾਂ ਅਸਲ ਵਿਚ ਅਵਾਮ ਵਿਰੋਧੀ ਹਨ। ਇਸ ਕਰਕੇ ਸਾਰੇ ਵਰਗ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰੋ। ਸ੍ਰੀ ਗੋਗੀਆ ਨੇ ਕਿਹਾ, ‘ਅਸੀਂ ਕਿਸਾਨਾਂ ਦੇ ਨਾਲ ਹਾਂ। ਬੇਸ਼ੱਕ ਅਸੀਂ ਕਿਸਾਨ ਨਹੀ ਹਾਂ ਅਤੇ ਜ਼ਮੀਨਾਂ ਵਾਲੇ ਵੀ ਨਹੀਂ ਹਾਂ, ਪਰ ਅਸੀਂ ਜ਼ਮੀਰਾਂ ਵਾਲੇ ਜ਼ਰੂਰ ਹਾਂ। ਇਸ ਲਈ ਕਿਸਾਨਾਂ ਦਾ ਅੰਨ ਖਾ ਕਿ ਉਨ੍ਹਾਂ ਨਾਲ ਧੋਖਾ ਨਹੀਂ ਕਰ ਸਕਦੇ।’ ਉਨ੍ਹਾਂ ਕੇਂਦਰ ਦੀ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦਾ ਮਸਲਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਇਸ ਮੌਕੇ ਵੱਡੀ ਗਿਣਤੀ ’ਚ ‘ਆਪ’ ਵਾਲੰਟੀਅਰ ਮੌਜੂਦ ਸਨ।