ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 5 ਜਨਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਅੱਜ ਇੱਥੇ ਹੋਈ ਇਕੱਤਰਤਾ ਵਿੱਚ ਗੁਰਦੁਆਰਿਆਂ ਵਿੱਚ ਬਿਜਲੀ ਖਰਚੇ ਘਟਾਉਣ ਲਈ ਸੋਲਰ ਸਿਸਟਮ ਲਾਉਣ ਅਤੇ ਭਾਫ਼ ਨਾਲ ਲੰਗਰ ਤਿਆਰ ਕਰਨ ਦੀ ਯੋਜਨਾ ਤਿਆਰ ਕਰਨ ਦਾ ਫ਼ੈਸਲਾ ਲਿਆ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਘਰਾਂ ਵਿੱਚ ਸੋਲਰ ਸਿਸਟਮ ਲਾਉਣ ਸਬੰਧੀ ਅਹੁਦੇਦਾਰਾਂ, ਅਧਿਕਾਰੀਆਂ ਤੇ ਤਕਨੀਕੀ ਮਾਹਿਰਾਂ ’ਤੇ ਆਧਾਰਿਤ ਕਮੇਟੀ ਕਾਇਮ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਫ਼ੈਸਲਾ ਲਿਆ ਹੈ ਕਿ ਬਾਬਾ ਜੀਵਨ ਸਿੰਘ ਦੀ ਯਾਦ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿੱਚ ਹਰ ਸਾਲ ਵੱਡਾ ਸਮਾਗਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਦਾ ਚਾਰ ਸੌ ਸਾਲਾ ਪ੍ਰਕਾਸ਼ ਦਿਵਸ ਅਤੇ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦਾ ਸੌ ਸਾਲਾ ਦਿਹਾੜਾ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ। ਇਸ ਸ਼ਤਾਬਦੀ ਨਾਲ ਸਬੰਧਤ ਵਿਸ਼ਾਲ ਸਮਾਗਮ ਅੰਮ੍ਰਿਤਸਰ ਵਿੱਚ ਵੀ ਕੀਤਾ ਜਾਵੇਗਾ, ਜਦਕਿ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਸਮੇਤ ਹੋਰ ਸ਼ਹੀਦਾਂ ਦੇ ਅਸਥਾਨਾਂ ’ਤੇ ਵੀ ਸਮਾਗਮ ਹੋਣਗੇ। ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਚਾਰ ਸੌ ਸਾਲਾ ਪ੍ਰਕਾਸ਼ ਸ਼ਤਾਬਦੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਨਹੀਂ ਦਿੱਤਾ ਜਾਵੇਗਾ।
ਆਸਟਰੀਆ ਵਿੱਚ ਸਿੱਖ ਧਰਮ ਨੂੰ ਮਾਨਤਾ ਮਿਲਣ ’ਤੇ ਸ਼ਲਾਘਾ ਮਤਾ ਪਾਸ
ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਆਸਟਰੀਆ ਵਿੱਚ ਸਿੱਖ ਧਰਮ ਨੂੰ ਮਾਨਤਾ ਮਿਲਣ ’ਤੇ ਸ਼ਲਾਘਾ ਮਤਾ ਵੀ ਪਾਸ ਕੀਤਾ ਗਿਆ ਹੈ ਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦੀ ਮੰਗ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਲੜਕੀ ਵੱਲੋਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਜਨਤਕ ਕਰਨ ਦੇ ਮਾਮਲੇ ਸਬੰਧੀ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਗਏ ਹਨ।