ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 23 ਜੂਨ
ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਚੰਡੀਗੜ੍ਹ/ਪੀਐਸਐਮਐਸਯੂ ਦੀ ਕਲਮਛੋੜ ਹੜਤਾਲ ਦੀ ਅਪੀਲ ’ਤੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ। ਇਸ ਦੇ ਚੱਲਦਿਆਂ ਸਕੂਲ ਬੋਰਡ ਵਿੱਚ ਕੰਮ ਠੱਪ ਰਿਹਾ। ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਦੱਸਿਆ ਕਿ ਬੋਰਡ ਵਿੱਚ ਅੱਜ ਕਲਮਛੋੜ ਹੜਤਾਲ ਰਹੀ ਹੈ। ਜਥੇਬੰਦੀ ਦੇ ਸੱਦੇ ’ਤੇ ਕਰਮਚਾਰੀਆਂ ਨੇ ਆਪਣੀਆਂ ਸੀਟਾਂ ਨਾਲ ਸਬੰਧਿਤ ਕੋਈ ਕੰਮ ਨਹੀਂ ਕੀਤਾ ਗਿਆ। ਇਸ ਕਾਰਨ ਆਪਣੇ ਕੰਮਾਂ ਲਈ ਆਏ ਲੋਕਾਂ ਨੂੰ ਸਮਝਾ ਕੇ ਵਾਪਸ ਭੇਜਿਆ ਗਿਆ ਅਤੇ ਹੜਤਾਲ ਉਪਰੰਤ ਹੀ ਦਫ਼ਤਰ ਆਉਣ ਲਈ ਕਿਹਾ ਗਿਆ।
ਮੁਲਾਜ਼ਮ ਆਗੂਆਂ ਨੇ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਫੀਸਾਂ ਤੇ ਕਿਤਾਬਾਂ ਸਪਲਾਈ ਦੀ ਲਗਪਗ ਚਾਰ ਅਰਬ ਸਰਕਾਰ ਵੱਲ ਦੇਣਦਾਰੀ ਹੈ। ਇਸ ਤੋਂ ਇਲਾਵਾ ਸਿੱਖਿਆ ਬੋਰਡ ਦੀ ਸਰਪਲੱਸ ਇਮਾਰਤ ਵਿੱਚ ਸਿੱਖਿਆ ਵਿਭਾਗ ਦੇ ਚੱਲ ਰਹੇ ਵੱਖ-ਵੱਖ ਦਫ਼ਤਰਾਂ ਦਾ ਕਿਰਾਇਆ ਵੀ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਥੇਬੰਦੀ ਸਮੇਂ-ਸਮੇਂ ’ਤੇ ਬਕਾਇਆ ਰਕਮ ਲੈਣ ਲਈ ਲਿਖਤੀ ਅਤੇ ਹੋਰ ਸਾਧਨਾਂ ਰਾਹੀਂ ਸਰਕਾਰ ਨਾਲ ਰਾਬਤਾ ਰੱਖਦੀ ਆ ਰਹੀ ਹੈ ਪ੍ਰੰਤੂ ਸਰਕਾਰ ਦਾ ਰਵੱਈਆ ਹਮੇਸ਼ਾ ਨਾਂਹ ਪੱਖੀ ਰਿਹਾ ਹੈ। ਆਗੂਆਂ ਨੇ ਕਿਹਾ ਕਿ ਬੋਰਡ ਦੀ ਵਿੱਤੀ ਹਾਲਤ ਨਿਘਾਰ ਵੱਲ ਜਾ ਰਹੀ ਹੈ, ਜਿਸ ਨਾਲ ਬੋਰਡ ਮੁਲਾਜ਼ਮਾਂ ਨੂੰ ਤਨਖ਼ਾਹਾਂ ਤੇ ਸੇਵਾਮੁਕਤ ਸਾਥੀਆਂ ਨੂੰ ਪੈਨਸ਼ਨਾਂ ਦੇਣ ਵਿੱਚ ਅਸਮਰਥ ਹੋ ਗਿਆ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਬਕਾਇਆ ਰਾਸ਼ੀ ਵਿੱਚ ਦੇਰੀ ਕੀਤੀ ਤਾਂ ਸੰਘਰਸ਼ ਵਿੱਢਿਆ ਜਾਵੇਗਾ।