ਜੋਗਿੰਦਰ ਸਿੰਘ ਮਾਨ
ਮਾਨਸਾ, 30 ਦਸੰਬਰ
ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਸਰਕਾਰੀ ਨੌਕਰੀ ਦੇਣ, ਕਰਜ਼ਾ ਮੁਆਫ਼ ਕਰਨ ਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਅੱਗੇ ਸ਼ੁਰੂ ਕੀਤਾ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ। ਜੱਥੇਬੰਦੀ ਨੇ ਐਲਾਨ ਕੀਤਾ ਕਿ ਮੰਗਾਂ ਮੰਨਣ ਤੱਕ ਧਰਨਾ ਜਾਰੀ ਰਹੇਗਾ। ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਮੌਜੂਦਾ ਸੰਘਰਸ਼ ਵਿੱਚ ਸ਼ਹੀਦ ਹੋਏ ਦਰਸ਼ਨ ਸਿੰਘ ਦੋਦੜਾ ਨੂੰ ਹਫ਼ਤਾ ਹੋ ਗਿਆ ਹੈ ਅਤੇ ਉਸ ਦੀ ਲਾਸ਼ ਸਰਕਾਰੀ ਹਸਪਤਾਲ ਬੁਢਲਾਡਾ ਵਿੱਚ ਪਈ ਹੈ, ਜਦੋਂਕਿ ਅਜੇ ਤੱਕ ਸਰਕਾਰ ਦੇ ਕਿਸੇ ਨੁਮਾਇੰਦੇ ਨੇ ਪਰਿਵਾਰ ਨਾਲ ਦੁੱਖ ਵੀ ਸਾਂਝਾ ਨਹੀਂ ਕੀਤਾ। ਉਨ੍ਹਾਂ ਮੰਗ ਕੀਤੀ ਕਿ ਮੌਜੂਦਾ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ, ਮਜ਼ਦੂਰਾਂ ਦੇ ਪਰਿਵਾਰ ਨੂੰ 10-10 ਲੱਖ ਰੁਪਏ ਤੁਰੰਤ ਦਿੱਤੇ ਜਾਣ, ਪਰਿਵਾਰਾਂ ਦੇ ਇੱਕ-ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਸਮੁੱਚੇ ਕਰਜ਼ੇ ਖ਼ਤਮ ਕੀਤੇ ਜਾਣ।
ਬੁਢਲਾਡਾ (ਐੱਨਪੀ ਸਿੰਘ): ਇੱਥੋਂ ਦੇ ਰਿਲਾਇੰਸ ਪੈਟਰੋਲ ਪੰਪ ’ਤੇ ਚੱਲ ਰਹੇ ਧਰਨੇ ਵਿੱਚ ਅੱਜ ਜ਼ਿਲ੍ਹੇ ਦੇ ਕਿਸਾਨੀ ਘੋਲ ਵਿੱਚ ਸ਼ਹੀਦੀਆਂ ਪਾ ਗਏ ਕਿਸਾਨਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਧਰਨੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਮਹਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਕਿਸਾਨ ਲਹਿਰ ਵਿੱਚ ਸ਼ਹੀਦੀਆਂ ਪਾ ਗਏ ਕਿਸਾਨਾਂ ਦੀ ਯਾਦ ਕਿਸਾਨ ਦਿਲਾਂ ਵਿੱਚ ਹਮੇਸ਼ਾ ਤਾਜ਼ੀ ਬਣੀ ਰਹੇਗੀ।
ਵਿਛੜੀਆਂ ਰੂਹਾਂ ਦੀ ਯਾਦ ਵਿੱਚ ਮੋਮਬੱਤੀ ਮਾਰਚ
ਸਰਦੂਲਗੜ੍ਹ (ਬਲਜੀਤ ਸਿੰਘ): ਕਿਸਾਨੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸਰਦੂਲਗੜ੍ਹ ਸ਼ਹਿਰ ਵਾਸੀਆਂ ਵੱਲੋਂ ਸਮਾਜ ਸੇਵੀ ਗੁਰਮੀਤ ਸਿੰਘ ਲਾਲੀ ਦੀ ਅਗਵਾਈ ’ਚ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਨੌਜਵਾਨ ਆਗੂ ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਕਿਸਾਨੀ ਸੰਘਰਸ਼ ‘ਚ ਆਪਣੀ ਜਾਨ ਦੀ ਬਾਜ਼ੀ ਲਾਉਣ ਵਾਲੇ ਯੋਧਿਆਂ ਦੇ ਅਸੀਂ ਸਦਾ ਰਿਣੀ ਰਹਾਂਗੇ।
ਬਿਹਾਰ ਪੁੁਲੀਸ ਵੱਲੋਂ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਦੀ ਨਿੰਦਾ
ਬਰਨਾਲਾ (ਪਰਸ਼ੋਤਮ ਬੱਲੀ): ‘ਰਿਲਾਇੰਸ ਸਮਾਰਟ ਮਾਲ’ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਤਿੰਨ ਮਹੀਨੇ ਤੋਂ ਲਗਾਤਾਰ ਦਿੱਤੇ ਜਾ ਰਹੇ ਧਰਨੇ ਵਿੱਚ ਮੌਜੂਦ ਕਿਸਾਨਾਂ ਤੇ ਹੋਰ ਲੋਕਾਂ ਨੂੰ ਸੰਬੋਧਨ ਕਰਦਿਆਂ ਹਰਚਰਨ ਸਿੰਘ ਚੰਨਾ, ਸਾਹਿਬ ਸਿੰਘ ਬਡਬਰ, ਸੁੁਖਵਿੰਦਰ ਸਿੰਘ ਠੀਕਰੀਵਾਲ ਨੇ ਪਟਨਾ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਅਤੇ ਪਟਨਾ ਦੇ ਰਾਜਭਵਨ ਵੱਲ ਜਾ ਰਹੇ ਕਿਸਾਨਾਂ ’ਤੇ ਬਿਹਾਰ ਪੁੁਲੀਸ ਵੱਲੋਂ ਲਾਠੀਚਾਰਜ ਕਰਨ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਇਹ ਅੰਦੋਲਨ ਸਮੁੱਚੇ ਦੇਸ਼ ਵਿੱਚ ਫ਼ੈਲਦਾ ਜਾ ਰਿਹਾ ਹੈ, ਓਵੇਂ-ਓਵੇਂ ਹੀ ਇਸ ਦੀ ਜਿੱਤ ਦੀਆਂ ਸੰਭਾਵਨਾਵਾਂ ਵਧਦੀਆਂ ਜਾ ਰਹੀਆਂ ਹਨ।