ਆਤਿਸ਼ ਗੁਪਤਾ
ਚੰਡੀਗੜ੍ਹ, 30 ਦਸੰਬਰ
ਉੱਤਰੀ ਭਾਰਤ ਵਿੱਚ ਕਈ ਦਿਨਾਂ ਤੋਂ ਪੈ ਰਹੀ ਠੰਢ ਤੇ ਸੀਤ ਲਹਿਰ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੰਬਣੀ ਛੇੜ ਦਿੱਤੀ ਹੈ। ਉਧਰ ਲਗਾਤਾਰ ਪੈ ਰਹੀ ਸੰਘਣੀ ਧੁੰਦ ਨੇ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਲਗਾਤਾਰ ਬਰਫਬਾਰੀ ਕਰਕੇ ਆਉਣ ਵਾਲੇ ਦਿਨਾਂ ਵਿੱਚ ਠੰਢ ਵਧ ਸਕਦੀ ਹੈ। ਘੱਟੋ-ਘੱਟ 1.8 ਡਿਗਰੀ ਸੈਲਸੀਅਸ ਤਾਪਮਾਨ ਨਾਲ ਅੰਮ੍ਰਿਤਸਰ ਪੰਜਾਬ ਦਾ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਠਿੰਡਾ, ਫਰੀਦਕੋਟ ਅਤੇ ਆਦਮਪੁਰ ਵਿੱਚ ਘੱਟੋ ਘੱਟ ਤਾਪਮਾਨ ਕ੍ਰਮਵਾਰ 2.2, 2.3 ਅਤੇ 2.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਗੁਰਦਾਸਪੁਰ, ਲੁਧਿਆਣਾ, ਪਠਾਨਕੋਟ ਅਤੇ ਪਟਿਆਲਾ ਵਿੱਚ ਘੱਟੋ ਘੱਟ ਤਾਪਮਾਨ ਕ੍ਰਮਵਾਰ 4.7, 5.5, 5.1 ਅਤੇ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਘੱਟੋ ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਰਿਹਾ।