ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 29 ਦਸੰਬਰ
ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰੇਕ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਤੁਰੰਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਕਰ ਕੇ ਲੋਕਾਂ ਦਾ ਜੀਵਨ ਪ੍ਰਭਾਵਿਤ ਹੋਇਆ ਹੈ ਤੇ ਇਸ ਔਖੀ ਘੜੀ ਵਿਚ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਹੋਣਾ ਚਾਹੀਦਾ ਹੈ। ਸੰਸਦ ਮੈਂਬਰ ਸੈਣੀ ਆਪਣੇ ਨਿਵਾਸ ਸੈਕਟਰ ਤਿੰਨ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਲੋਕਾਂ ਨੇ ਸੰਸਦ ਮੈਂਬਰ ਸਾਹਮਣੇ ਬਿਜਲੀ, ਸਿਹਤ ਵਿਭਾਗ, ਪੁਲੀਸ ਪ੍ਰਸ਼ਾਸਨ ਸਣੇ ਕਈ ਵਿਭਾਗਾਂ ਦੀਆਂ ਸਮੱਸਿਆਵਾਂ ਰੱਖੀਆਂ। ਹਰ ਇਕ ਸਮੱਸਿਆ ਨੂੰ ਉਨ੍ਹਾਂ ਨੇ ਗੰਭੀਰਤਾ ਨਾਲ ਸੁਣਿਆ ਅਤੇ ਹੱਲ ਲਈ ਫੋਨ ’ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਸ੍ਰੀ ਸੈਣੀ ਨੇ ਲੋਕਾਂ ਨੂੰ ਸੋਸ਼ਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਆਪਣੀ ਸਮੱਸਿਆ ਨੂੰ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਕਿਹਾ ਤੇ ਅਧਿਕਾਰੀ ਬਿਨਾਂ ਦੇਰੀ ਹਰ ਸਮੱਸਿਆ ਦਾ ਹੱਲ ਕਰਨਾ ਲਾਜ਼ਮੀ ਕਰਨ।