ਖੇਤਰੀ ਪ੍ਰਤੀਨਿਧ
ਪਟਿਆਲਾ, 25 ਅਗਸਤ
ਨਵੇਂ ਯੂਜੀਸੀ ਗਰੇਡ ਲਾਗੂ ਕਰਵਾਉਣ ਲਈ ਪੰਜਾਬ ਅਤੇ ਚੰਡੀਗੜ੍ਹ ਖੇਤਰ ਦੀਆਂ ਪੰਜ ਸਰਕਾਰੀ ਯੂਨੀਵਰਸਿਟੀਆਂ ਦੀਆਂ ਅਧਿਆਪਕ ਜਥੇਬੰਦੀਆਂ ਨੇ ਅੱਜ ਪੰਜਾਬੀ ਯੂਨੀਵਰਸਿਟੀ ਵਿੱਚ ਰੈਲੀ ਕੀਤੀ। ਇਸ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼, ਗੌਰਮਿੰਟ ਕਾਲਜ ਟੀਚਰਜ਼ ਐਸੋਸੀਏਸ਼ਨ ਦੀ ਸਾਂਝੀ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨਜ਼ (ਪੀਫੈਕਟੋ) ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਦੇ ਪ੍ਰਧਾਨ ਡਾ. ਨਿਸ਼ਾਨ ਸਿੰਘ ਦਿਓਲ ਨੇ ਸਰਕਾਰ ਵੱਲੋਂ ਉਚੇਰੀ ਸਿੱਖਿਆ ਤੇ ਕਾਲਜ ਅਤੇ ਯੂਨੀਵਰਸਿਟੀ ਅਧਿਆਪਕਾਂ ਪ੍ਰਤੀ ਅਪਣਾਈ ਗਈ ਨੀਤੀ ਦੀ ਆਲੋੋਚਨਾ ਕੀਤੀ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਮ੍ਰਿਤੰਜਯ ਨੇ ਅਧਿਆਪਕਾਂ ਦੇ ਨਵੇਂ ਗਰੇਡ ਜਾਰੀ ਕਰਨ ਵਿੱਚ ਅਫ਼ਸਰਸ਼ਾਹੀ ’ਤੇ ਅੜਿੱਕੇ ਡਾਹੁਣ ਦੇ ਦੋੋਸ਼ ਲਾਏ। ਉਨ੍ਹਾਂ ਪੇਅ ਗਰੇਡ ਯੂਜੀਸੀ ਤੋਂ ਡੀਲਿੰਕ ਕਰਨ ਦੇ ਫ਼ੈਸਲੇ ਨੂੰ ਰੱਦ ਕਰਨ ’ਤੇ ਵੀ ਜ਼ੋਰ ਦਿੱਤਾ। ਗੌਰਮਿੰਟ ਕਾਲਜ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਬਲਜਿੰਦਰ ਸਿੰਘ ਟੌਹੜਾ ਨੇ ਕਾਲਜਾਂ ਵਿੱਚ ਅਧਿਆਪਕਾਂ ਦੀ ਨਵੀਂ ਭਰਤੀ ਕਰਨ ਦੀ ਅਪੀਲ ਕੀਤੀ। ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਪ੍ਰਧਾਨ ਡਾ. ਵਿਨੈ ਸੋਫਤ ਨੇ ਸਮੂਹ ਕਾਲਜਾਂ ਅਤੇ ਯੂਨੀਵਰਸਿਟੀ ਅਧਿਆਪਕਾਂ ਨੂੰ ਹੱਕਾਂ ਦੀ ਪ੍ਰਾਪਤੀ ਲਈ ਰਲ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ। ਪੀਫੈਕਟੋ ਦੇ ਪ੍ਰਧਾਨ ਡਾ. ਐੱਚਐੱਸ ਕਿੰਗਰਾ ਨੇ ਅਧਿਆਪਕਾਂ ਨੂੰ ਵੀ ਮੁਲਾਜ਼ਮ ਵਰਗ ਵਾਂਗ ਹੱਕਾਂ ਖਾਤਰ ਸੰਘਰਸ਼ ਵਿੱਢਣ ਲਈ ਪ੍ਰੇਰਿਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਏ ਕਲਾਸ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਬੱਬੀ, ਬੀ ਅਤੇ ਸੀ ਕਲਾਸ ਕਰਮਚਾਰੀ ਸੰਘ ਦੇ ਜਰਨਲ ਸਕੱਤਰ ਜਗਤਾਰ ਸਿੰਘ, ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਦੇ ਨੁਮਾਇੰਦੇ ਡਾ. ਰਾਜਿੰਦਰ ਸਿੰਘ ਅਤੇ ਗੈਸਟ ਫੈਕਲਟੀ ਟੀਚਰਜ਼ ਐਸੋਸੀਏਸ਼ਨ ਵੱਲੋਂ ਡਾ. ਅਮਨਦੀਪ ਸਿੰਘ ਨੇ ਵੀ ਸੰਬੋਧਨ ਕੀਤਾ।