ਨਿੱਜੀ ਪੱਤਰ ਪ੍ਰੇਰਕ
ਜਲੰਧਰ, 16 ਨਵੰਬਰ
ਮਿੱਡ-ਡੇਅ-ਮੀਲ ਸੁਸਾਇਟੀ ਪੰਜਾਬ ਵੱਲੋਂ ਸਤੰਬਰ-ਅਕਤੂਬਰ ਦਾ ਮਿਹਨਤਾਨਾ ਜਾਰੀ ਕਰਨ ਨੂੰ ਵਧੀਆ ਉਪਰਾਲਾ ਦੱਸਦਿਆਂ ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਪੰਜਾਬ ਨੇ ਕਿਹਾ ਕਿ ਉਲੀਕੇ ਗਏ ਸੰਘਰਸ਼ ਦੀ ਬਦੌਲਤ ਹੀ ਇਹ ਸੰਭਵ ਹੋਇਆ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਬਿਮਲਾ ਦੇਵੀ ਫਾਜ਼ਿਲਕਾ, ਜਨਰਲ ਸਕੱਤਰ ਕਮਲਜੀਤ ਕੌਰ, ਵਿੱਤ ਸਕੱਤਰ ਨਰੇਸ਼ ਕੁਮਾਰੀ, ਸੀਨੀਅਰ ਮੀਤ ਪ੍ਰਧਾਨ ਪਰਵੀਨ ਫ਼ਤਿਹਗੜ੍ਹ ਸਾਹਿਬ ਅਤੇ ਯੂਨੀਅਨ ਦੇ ਮੁੱਖ ਸਲਾਹਕਾਰ ਅਤੇ ਪਸਸਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਿੱਡ-ਡੇਅ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਸੂਬਾਈ ਮੀਟਿੰਗ ਕਰਕੇ ਸਤੰਬਰ-ਅਕਤੂਬਰ ਦਾ ਮਿਹਨਤਾਨਾ ਜਾਰੀ ਕਰਵਾਉਣ ਅਤੇ ਵਰਕਰਾਂ ਦੀਆਂ ਹੋਰ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਮੁੱਚੇ ਪੰਜਾਬ ਵਿੱਚ ਵਿਧਾਇਕਾਂ/ਮੰਤਰੀਆਂ ਰਾਹੀਂ ਰੋਸ ਮੰਗ ਪੱਤਰ ਭੇਜਣ ਦਾ ਐਕਸ਼ਨ ਉਲੀਕਿਆ ਗਿਆ ਸੀ। ਇਸ ਐਕਸ਼ਨ ਦੇ ਦਬਾਅ ਦੇ ਫਲਸਰੂਪ ਮਿੱਡ-ਡੇ-ਮੀਲ ਵਰਕਰਾਂ ਦਾ ਮਿਹਨਤਾਨਾ ਮਿੱਡ ਡੇ-ਮੀਲ ਸੁਸਾਇਟੀ ਪੰਜਾਬ ਵਲੋਂ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਆਗੂਆਂ ਨੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 26 ਨਵੰਬਰ ਦੀ ਦੇਸ਼ ਵਿਆਪੀ ਹੜਤਾਲ ਅਤੇ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ’ਚ ਸ਼ਾਮਲ ਹੋਣ।