ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 25 ਦਸੰਬਰ
ਇੱਥੋਂ ਦੇ ਸਰਕਾਰੀ ਸਕੂਲਾਂ ਵਿੱਚ ਠੇਕਾ ਆਧਾਰ ’ਤੇ ਪੜ੍ਹਾ ਰਹੇ 154 ਅਧਿਆਪਕਾਂ ਦਾ ਮਾਮਲਾ ਹਾਲੇ ਹੱਲ ਨਹੀਂ ਹੋਇਆ ਹੈ। ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਸੀ ਕਿ ਇਨ੍ਹਾਂ ਅਧਿਆਪਕਾਂ ਨੂੰ ਤਨਖਾਹ ਦਿੱਤੀ ਜਾਵੇ ਪਰ ਵਿਭਾਗ ਨੇ ਕੈਟ ਦੇ ਹੁਕਮਾਂ ਨੂੰ ਵੀ ਨਜ਼ਰਅੰਦਾਜ਼ ਕਰ ਦਿੱਤਾ ਹੈ। ਇਨ੍ਹਾਂ ਅਧਿਆਪਕਾਂ ਨੇ ਬੀਤੇ ਦਿਨੀਂ ਡੀਈਓ ਨੂੰ ਮਿਲ ਕੇ ਰੋਸ ਜਤਾਇਆ। ਵਿਭਾਗ ਨੇ ਇਨ੍ਹਾਂ ਅਧਿਆਪਕਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਬਕਾਇਆ ਤਨਖਾਹ ਜਲਦੀ ਜਾਰੀ ਕਰ ਦਿੱਤੀ ਜਾਵੇਗੀ।
ਇਹ ਵੀ ਪਤਾ ਲੱਗਿਆ ਹੈ ਕਿ 154 ਅਧਿਆਪਕਾਂ ਨੂੰ ਠੇਕੇਦਾਰ ਤੇ ਵਿਭਾਗ ਨੇ ਬਿਨਾਂ ਕਿਸੇ ਨੋਟਿਸ ਤੋਂ ਪਹਿਲੀ ਅਕਤੂਬਰ ਨੂੰ ਨੌਕਰੀ ਤੋਂ ਰਿਲੀਵ ਕਰ ਦਿੱਤਾ ਸੀ। ਇਹ ਅਧਿਆਪਕ 30,000 ਰੁਪਏ ਮਹੀਨਾ ਤਨਖਾਹ ’ਤੇ ਰੱਖੇ ਹੋਏ ਸਨ। ਇਨ੍ਹਾਂ ਅਧਿਆਪਕਾਂ ਦਾ ਠੇਕਾ ਪੰਚਕੂਲਾ ਦੀ ਕੰਪਨੀ ਨੂੰ ਮਿਲਿਆ ਹੈ। ਇਸ ਕੰਪਨੀ ਦੇ ਠੇਕੇਦਾਰ ਨੇ ਅਧਿਆਪਕਾਂ ਨੂੰ ਕਿਹਾ ਸੀ ਕਿ ਉਨ੍ਹਾਂ ਵੱਲੋਂ 12000 ਰੁਪਏ ਦਿੱਤੇ ਜਾਣ ’ਤੇ ਹੀ ਠੇਕਾ ਨਵਿਆਇਆ ਜਾਵੇਗਾ।
ਇਸ ਵਰਤਾਰੇ ਖ਼ਿਲਾਫ਼ ਅਧਿਆਪਕਾਂ ਨੇ ਕੈਟ ਦਾ ਰੁਖ਼ ਕੀਤਾ ਤੇ ਕੈਟ ਨੇ ਵਿਭਾਗ ਨੂੰ ਸਾਰੀ ਤਨਖਾਹ ਅਦਾ ਕਰਨ ਦਾ ਹੁਕਮ ਦਿੱਤਾ ਸੀ ਪਰ ਹਾਲੇ ਤੱਕ ਤਨਖਾਹਾਂ ਜਾਰੀ ਨਹੀਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਵੀ ਮਿਲੀ ਹੈ ਕਿ ਕੁਝ ਅਧਿਆਪਕਾਂ ਨੇ ਇਸ ਵਰਤਾਰੇ ਖ਼ਿਲਾਫ਼ ਮੁੜ ਕੈਟ ਵਿੱਚ ਅਰਜ਼ੀ ਦਾਇਰ ਕੀਤੀ ਹੈ ਤੇ ਕੈਟ ਨੇ 24 ਦਸੰਬਰ ਨੂੰ ਸਿੱਖਿਆ ਵਿਭਾਗ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰ ਕੇ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ।
ਕੈਟ ਨੇ ਅਧਿਆਪਕਾਂ ਦੀ ਪਿਛਲੇ ਸਾਲ ਜੂਨ ਮਹੀਨੇ ਤੋਂ ਸਤੰਬਰ ਮਹੀਨੇ ਤੱਕ ਦੀ ਤਨਖਾਹ ਜਾਰੀ ਕਰਨ ਦੇ ਹੁਕਮ ਵੀ ਦਿੱਤੇ ਹਨ।
ਯੂਟੀ ਕੇਡਰ ਐਜੂਕੇਸ਼ਨ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਸਵਰਣ ਸਿੰਘ ਕੰਬੋਜ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਕਈ ਅਧਿਆਪਕ 15-15 ਸਾਲਾਂ ਤੋਂ ਕੰਮ ਕਰ ਰਹੇ ਹਨ। ਕਰੋਨਾ ਕਾਰਨ ਕਈ ਘਰਾਂ ਦੀ ਆਰਥਿਕ ਹਾਲਤ ਮੰਦੀ ਹੋ ਗਈ ਹੈ, ਇਸ ਕਰ ਕੇ ਤਨਖਾਹਾਂ ਜਲਦੀ ਜਾਰੀ ਕੀਤੀਆਂ ਜਾਣ।
ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਲਈ ਕੋਈ ਪਾਲਿਸੀ ਹੀ ਨਹੀਂ ਹੈ ਜਿਸ ਕਰਕੇ ਮੁਲਾਜ਼ਮਾਂ ਦਾ ਅਕਸਰ ਠੇਕੇਦਾਰਾਂ ਵਲੋਂ ਸੋਸ਼ਣ ਕੀਤਾ ਜਾਂਦਾ ਹੈ।
ਅਦਾਲਤੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਮਿਲੇਗੀ ਤਨਖਾਹ: ਡੀਈਓ
ਜ਼ਿਲ੍ਹਾ ਸਿੱਖਿਆ ਅਧਿਕਾਰੀ ਰਵਿੰਦਰ ਕੌਰ ਨੇ ਦੱਸਿਆ ਕਿ ਜਿਨ੍ਹਾਂ ਕੰਟਰੈਕਟ ਵਾਲੇ ਅਧਿਆਪਕਾਂ ਨੇ ਹਾਲ ਹੀ ਵਿਚ ਜੁਆਇਨ ਕੀਤਾ ਹੈ ਉਨ੍ਹਾਂ ਨੂੰ ਤਨਖਾਹ ਜਾਰੀ ਕਰ ਦਿੱਤੀ ਗਈ ਹੈ ਪਰ ਜਿਹੜੇ ਅਧਿਆਪਕ ਪੁਰਾਣੇ ਚੱਲੇ ਆ ਰਹੇ ਹਨ ਉਨ੍ਹਾਂ ਦੀ ਤਨਖਾਹ ਅਦਾਲਤੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਜਾਰੀ ਕੀਤੀ ਜਾਵੇਗੀ। ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਤਕਨੀਕੀ ਕਾਰਨਾਂ ਤੇ ਅਦਾਲਤੀ ਪ੍ਰਕਿਰਿਆ ਕਾਰਨ ਤਨਖਾਹ ਜਾਰੀ ਹੋਣ ਵਿਚ ਸਮੱਸਿਆ ਪੇਸ਼ ਆ ਰਹੀ ਹੈ।